ਕਾਲਾਬਾਜ਼ਾਰੀ ਕਰਨ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਤੇ ਰੱਖੀ ਜਾ ਰਹੀ ਹੈ ਪੈਨੀ ਨਜ਼ਰ-ਡਿਪਟੀ ਕਮਿਸ਼ਨਰ
Publish Date: Thu, 26 Mar 2026 06:34 PM (IST)
Updated Date: Fri, 27 Mar 2026 04:08 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਜ਼ਿਲ੍ਹਾ ਵਾਸੀਆ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹੇ ਵਿਚ ਐਲਪੀਜੀ ਸੈਲੰਡਰ, ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਜਰੂਰੀ ਵਸਤਾਂ ਦੀ ਉਪਲਬੱਧਤਾ ਬਾਰੇ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਗੈਸ ਏਜੰਸੀਆਂ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਕਾਲਾਬਾਜ਼ਾਰੀ ਨਹੀਂ ਹੋਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੁਹਾਰਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੀਜ਼ਲ ਤੇ ਪੈਟਰੋਲ ਅਤੇ ਐੱਲਪੀਜੀ ਦੀ ਉਪਲੱਬਤਾ ਨੂੰ ਯਕੀਨੀ ਬਣਾਉਣ ਲਈ ਸਥਿਤੀ ’ਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉੁਨ੍ਹਾਂ ਕਿਹਾ ਕਿ ਸਮੇਂ ਸਮੇਂ 'ਤੇ ਅਧਿਕਾਰੀਆਂ, ਐੱਲਪੀਜੀ ਤੇ ਪੈਟਰੋਲੀਅਮ ਡੀਲਰਾਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ਵਿਚ ਜ਼ਰੂਰੀ ਚੀਜ਼ਾਂ ਦੇ ਸਟਾਕ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲੋੜੀਂਦੀ ਮਾਤਰਾ ਵਿਚ ਐੱਲਪੀਜੀ ਅਤੇ ਪੈਟਰੋਲੀਅਮ ਪਦਾਰਥਾ ਉਪਲਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਘਬਰਾ ਕੇ ਪੈਟਰੋਲ, ਡੀਜ਼ਲ ਤੇ ਐੱਲਪੀਜੀ ਸਿਲੰਡਰ ਖ਼ਰੀਦ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਬੇਲੋੜੀ ਪਰੇਸ਼ਾਨੀ ਤੇ ਸਪਲਾਈ ਚੇਨ ਦੇ ਪ੍ਰਬੰਧ ਨੂੰ ਪ੍ਰਭਾਵਿਤ ਕਰਦਾ ਹੈ। ਉੁਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਜ਼ਰੂਰੀ ਚੀਜ਼ਾਂ ਦੀ ਦੂਰਵਰਤੋਂ ਨੂੰ ਰੋਕਣ ਲਈ ਜ਼ਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ (ਈਐੱਸਐੱਮਏ) ਨੂੰ ਲਾਗੂ ਕੀਤਾ ਗਿਆ ਹੈ।
ਉਨ੍ਹਾਂ ਤਾੜਨਾ ਕੀਤੀ ਕਿ ਜ਼ਰੂਰੀ ਚੀਜ਼ਾਂ ਜਿਵੇਂ ਐਲਪੀਜੀ ਸਿਲੰਡਰ ਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉੁਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਲਈ ਜ਼ਰੂਰੀ ਚੀਜ਼ਾਂ ਦੀ ਸਪਲਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸੁਚੱਜੇ ਢੰਗ ਨਾਲ ਆਪਣੇ ਐੱਲਪੀਜੀ ਸਿਲੰਡਰ ਦੀ ਬੁਕਿੰਗ ਕਰਵਾਉਣ ’ਤੇ ਕਿਸੇ ਨੂੰ ਬੁਕਿੰਗ ਤੋਂ ਬਿਨਾਂ ਸਿਲੰਡਰ ਨਹੀਂ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਬਕਾਇਆ ਈ-ਕੇਵਾਈਸੀ ਨੂੰ ਏਜੰਸੀਆ ਪਾਸ ਜਾ ਕੇ ਯਕੀਨੀ ਬਣਾਉਣ ਤਾਂ ਜੋ ਐੱਲਪੀਜੀ ਦੀ ਨਿਰਵਿਘਨ ਸਪਲਾਈ ਕੀਤੀ ਜਾ ਰਹੇ ਤੇ ਡਲਿਵਰੀ ਕਰਨ ਵਾਲੇ ਵਿਅਕਤੀ ਪਾਸ ਓਟੀਪੀ ਸਾਂਝਾ ਕੀਤਾ ਜਾਵੇ