ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਦਿੱਤਾ ਸ਼ਰਧਾਂਜਲੀ
ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ
Publish Date: Sat, 31 Jan 2026 04:06 PM (IST)
Updated Date: Sun, 01 Feb 2026 04:02 AM (IST)

ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਜਨਤਾ ਨੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਦਫ਼ਤਰਾਂ ਵਿਚ ਕੰਮ ਕਰਵਾਉਣ ਆਏ ਲੋਕਾਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਅਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਅਜ਼ਾਦ ਮੁਲਕ ਦੀ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਤਾਂ ਇਹ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੀਆਂ ਸੁਰੱਖਿਆ ਬਲਾਂ ਦੇ ਜਵਾਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਕੁਰਬਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਮੁਲਕ ਸਿਰਜਣ ਵਿਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ। ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।