ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰੇਗਾ ਪ੍ਰਸ਼ਾਸਨ : ਡਿਪਟੀ ਕਮਿਸ਼ਨਰé ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰੇਗਾ ਜ਼ਿਲ੍ਹਾ ਪ੍ਰਸ਼ਾਸਨ-ਡਿਪਟੀ ਕਮਿਸ਼ਨਰé
Publish Date: Mon, 05 Oct 2026 06:24 PM (IST)
Updated Date: Tue, 06 Oct 2026 04:05 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ।।ਜਿਸ ਦੌਰਾਨ ਜ਼ਿਲ੍ਹੇ ਦੇ ਵਪਾਰੀਆਂ ਨਾਲ ਸੰਬੰਧਤ ਵੱਖ-ਵੱਖ ਸਮੱਸਿਆਵਾਂ, ਮੰਗਾਂ ਅਤੇ ਹਿੱਤਾਂ ਸੰਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਸੁਚਾਰੂ ਅਤੇ ਸੁਖਾਵੇਂ ਕਾਰੋਬਾਰੀ ਮਾਹੌਲ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਸਬ-ਡਵੀਜ਼ਨਾਂ ਵਿਚ ਵਪਾਰੀਆਂ ਅਤੇ ਆਮ ਲੋਕਾਂ ਨੂੰ ਬਾਜ਼ਾਰਾਂ ਨਾਲ ਸੰਬੰਧਤ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਲਈ ਸੰਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨਾਂ ਅਤੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਉਠਾਏ ਜਾਣ ਵਾਲੇ ਜਾਇਜ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਜਲਦ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਵੱਲੋਂ ਸਾਹਮਣੇ ਲਿਆਂਦੀਆਂ ਜਾਣ ਵਾਲੀਆਂ ਸਮੱਸਿਆਵਾਂ ਨੂੰ ਸੰਬੰਧਤ ਵਿਭਾਗ ਗੰਭੀਰਤਾ ਨਾਲ ਲੈਂਦਿਆਂ ਸਮਾਂਬੱਧ ਢੰਗ ਨਾਲ ਨਿਪਟਾਉਣ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਸਰਵਉੱਚ ਤਰਜੀਹ ਦਿੱਤੀ ਜਾਵੇ। ਮੀਟਿੰਗ ਵਿਚ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਚੇਅਰਪਰਸਨ ਹਨੀ ਡੱਬ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਬੰਗਾ ਦੇ ਚੇਅਰਪਰਸਨ ਇੰਦਰਜੀਤ ਸਿੰਘ ਮਾਨ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਨਵਾਂਸ਼ਹਿਰ ਦੇ ਚੇਅਰਪਰਸਨ ਮੱਖਣ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬਲਾਚੌਰ ਸਿਮਰਨ ਸਿੰਘ ਢੀਂਡਸਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਰਾਜੀਵ ਸਰੀਨ, ਇੰਸਪੈਕਟਰ ਨਗਰ ਕੌਂਸਲ ਨਵਾਂਸ਼ਹਿਰ ਨਵੀਨ ਗੋਇਲ, ਈਟੀਓ ਰਾਜ ਕਰ ਅਤੇ ਕਰ ਵਿਭਾਗ ਸੁਖਵਿੰਦਰ ਸਿੰਘ, ਇੰਸਪੈਕਟਰ ਸਤਿੰਦਰ ਕੌਰ ਸਮੇਤ ਹੋਰ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।