ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਦੀ ਚੈਕਿੰਗ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਦੀ ਚੈਕਿੰਗ
Publish Date: Wed, 04 Nov 2026 05:55 PM (IST)
Updated Date: Wed, 04 Nov 2026 05:56 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਪ੍ਰਬੰਧਕੀ ਇੰਤਜ਼ਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਨਿਰੀਖਣਾਂ ਦੀ ਲੜੀ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਮੁਕੰਦਪੁਰ ਦੀ ਚੈਕਿੰਗ ਕੀਤੀ। ਉਨ੍ਹਾਂ ਸਿਹਤ ਕੇਂਦਰ ਵਿਖੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਚੈਕਿੰਗ ਦੌਰਾਨ ਉਨ੍ਹਾਂ ਓਪੀਡੀ ਸੇਵਾਵਾਂ, ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਦਵਾਈਆਂ ਦੀ ਉਪਲੱਬਧਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ, ਇਲਾਜ ਸਹੂਲਤਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਲੈਬਾਰਟਰੀ ਜਾਂਚਾਂ, ਟੀਕਾਕਰਨ ਸੇਵਾਵਾਂ, ਗਰਭਵਤੀ ਔਰਤਾਂ ਦੀ ਸਿਹਤ ਸੰਭਾਲ, ਜਣੇਪਾ ਸੇਵਾਵਾਂ ਅਤੇ ਮਾਂ-ਬੱਚੇ ਦੀ ਸਿਹਤ ਨਾਲ ਸੰਬੰਧਤ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਐਮਰਜੈਂਸੀ ਸੇਵਾਵਾਂ, ਮੁੱਢਲੀ ਸਹਾਇਤਾ, ਰੈਫਰਲ ਪ੍ਰਬੰਧਾਂ, ਮੈਡੀਕਲ ਉਪਕਰਣਾਂ ਦੀ ਕਾਰਜਸ਼ੀਲਤਾ, ਸਾਫ਼-ਸਫ਼ਾਈ, ਬਾਇਓਮੈਡੀਕਲ ਵੇਸਟ ਦੇ ਢੁੱਕਵੇਂ ਨਿਪਟਾਰੇ ਅਤੇ ਮਰੀਜ਼ਾਂ ਲਈ ਉਡੀਕ ਅਤੇ ਬੈਠਣ ਦੇ ਪ੍ਰਬੰਧਾਂ ਦੀ ਵੀ ਜਾਂਚ ਕੀਤੀ। ਇਸ ਦੇ ਨਾਲ ਹੀ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਧੀਨ ਚੱਲ ਰਹੀਆਂ ਗਤੀਵਿਧੀਆਂ ਅਤੇ ਉਨ੍ਹਾਂ ਨਾਲ ਸੰਬੰਧਤ ਰਿਕਾਰਡ ਦੀ ਸਮੀਖਿਆ ਕੀਤੀ। ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਆਮ ਲੋਕਾਂ, ਖ਼ਾਸ ਕਰਕੇ ਪੇਂਡੂ ਖੇਤਰਾਂ ਦੇ ਵਸਨੀਕਾਂ ਲਈ ਮੁੱਢਲੀਆਂ ਅਤੇ ਜ਼ਰੂਰੀ ਸਿਹਤ ਸੇਵਾਵਾਂ ਦਾ ਮਹੱਤਵ ਪੂਰਨ ਕੇਂਦਰ ਹਨ। ਇਸ ਲਈ ਇਨ੍ਹਾਂ ਸੰਸਥਾਵਾਂ ਵਿਚ ਡਾਕਟਰੀ ਸੇਵਾਵਾਂ, ਜਾਂਚ ਸਹੂਲਤਾਂ, ਦਵਾਈਆਂ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਨਿਰੰਤਰ ਉਪਲੱਬਧਤਾ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਿਹਤ ਕੇਂਦਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਅਤੇ ਹਸਪਤਾਲ ਵਿਚ ਸਾਫ਼-ਸਫ਼ਾਈ, ਦਵਾਈਆਂ ਦੇ ਸਟਾਕ, ਮੈਡੀਕਲ ਉਪਕਰਣਾਂ ਦੀ ਕਾਰਜਸ਼ੀਲਤਾ ਅਤੇ ਰਿਕਾਰਡ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਸੁਰੱਖਿਅਤ, ਮਿਆਰੀ ਅਤੇ ਲੋਕ-ਪੱਖੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।