ਡਾ. ਹਰਪਿੰਦਰ ਸਿੰਘ ਨੇ ਪੋਲੀਓ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਪੋਲੀਓ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਲਿਆ ਜਾਇਜ਼ਾ
Publish Date: Mon, 23 Nov 2026 03:50 PM (IST)
Updated Date: Mon, 23 Nov 2026 03:52 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਚਲਾਈ ਜਾ ਰਹੀ ਉਪ-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਮੁਹਿੰਮ ਦੇ ਦੂਜੇ ਦਿਨ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਿਹਤ ਟੀਮਾਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕੀਤਾ। ਉਨ੍ਹਾਂ ਬੰਗਾ ਸਥਿਤ ਹੱਡਾ ਰੌੜੀ ਅਤੇ ਖਮਾਚੋਂ ਵਿਖੇ ਗੁੱਜਰਾਂ ਦੇ ਡੇਰੇ ਵਿਚ ਪਹੁੰਚ ਕੇ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਇਹ ਯਕੀਨੀ ਬਣਾਇਆ ਕਿ ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਤੱਕ ਵੀ ਸਿਹਤ ਵਿਭਾਗ ਦੀਆਂ ਟੀਮਾਂ ਦੀ ਪਹੁੰਚ ਹੋਵੇ ਅਤੇ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਨਿਰੀਖਣ ਦੌਰਾਨ ਉਨ੍ਹਾਂ ਵੈਕਸੀਨੇਸ਼ਨ ਟੀਮਾਂ ਵੱਲੋਂ ਭਰੀਆਂ ਜਾ ਰਹੀਆਂ ਟੈਲੀਸ਼ੀਟਾਂ, ਬੱਚਿਆਂ ਦੀਆਂ ਉਂਗਲਾਂ ਤੇ ਲਗਾਏ ਜਾ ਰਹੇ ਮਾਰਕਿੰਗ ਦੇ ਨਿਸ਼ਾਨਾਂ ਅਤੇ ਵੈਕਸੀਨੇਸ਼ਨ ਕਾਰਜਾਂ ਦੀ ਸੁਪਰਵੀਜ਼ਨ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਬੱਚਿਆਂ ਦੀ ਪਛਾਣ ਕੀਤੀ ਜਾਵੇ ਅਤੇ ਜੇਕਰ ਕੋਈ ਬੱਚਾ ਕਿਸੇ ਕਾਰਨ ਬੂੰਦਾਂ ਪੀਣ ਤੋਂ ਰਹਿ ਗਿਆ ਹੈ। ਤਾਂ ਉਸ ਨੂੰ ਮੁੜ ਕਵਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਹਰ ਯੋਗ ਬੱਚੇ ਤੱਕ ਪਹੁੰਚਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸਿਹਤ ਟੀਮਾਂ ਪੂਰੀ ਜ਼ਿੰਮੇਵਾਰੀ, ਚੌਕਸੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੋਲੀਓ ਤੋਂ ਬਚਾਅ ਲਈ ਹਰ ਬੱਚੇ ਨੂੰ ਨਿਰਧਾਰਤ ਖੁਰਾਕ ਅਨੁਸਾਰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੱਕ ਦੀ ਉਮਰ ਦੇ ਆਪਣੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪੋਲੀਓ ਮੁਕਤ ਸਮਾਜ ਦੀ ਸਥਾਪਨਾ ਲਈ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਦੀ ਸਰਗਰਮ ਭਾਗੀਦਾਰੀ ਵੀ ਲਾਜ਼ਮੀ ਹੈ।।ਇਸ ਮੌਕੇ ਵੈਕਸੀਨ ਕੋਲਡਚੇਨ ਮੈਨੇਜਰ (ਵੀਸੀਸੀਐੱਮ) ਅੰਮ੍ਰਿਤਪਾਲ ਸਿੰਘ ਤੇ ਈਪੀਆਈ ਅਸਿਸਟੈਂਟ ਸੁਸ਼ੀਲ ਕੁਮਾਰ ਵੀ ਮੌਜੂਦ ਸਨ।