ਮੌਤਾਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਦੀ ਸਮੀਖਿਆ ਮੀਟਿੰਗ ਹੋਈ
ਮੌਤਾਂ ਸੰਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਦੀ ਸਮੀਖਿਆ ਮੀਟਿੰਗ ਆਯੋਜਿਤ
Publish Date: Fri, 27 Feb 2026 05:03 PM (IST)
Updated Date: Fri, 27 Feb 2026 05:04 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਜਣੇਪੇ ਦੌਰਾਨ ਜਾਂ ਜਣੇਪੇ ਤੋਂ ਬਾਅਦ ਨਿਰਧਾਰਿਤ ਸਮੇਂ ਵਿਚ ਹੋਣ ਵਾਲੀਆਂ ਮੌਤਾਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ। ਜਿਸ ਵਿਚ ਇਕ ਮਾਤਰੀ ਮੌਤ ਦੇ ਕੇਸ ਨੂੰ ਵਿਚਾਰਿਆ। ਇਹ ਕੇਸ ਸਿਹਤ ਬਲਾਕ ਸੁੱਜੋਂ ਨਾਲ ਸਬੰਧਿਤ ਸੀ। ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਮਾਤਰੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਲਈ ਅਤੇ ਮੌਤ ਦੇ ਕਾਰਨਾਂ 'ਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ। ਇਸ ਮੌਤ ਦੇ ਵਿਸ਼ਲੇਸ਼ਨ ਦੌਰਾਨ ਉਨ੍ਹਾਂ ਸਮੱਸਿਆਵਾਂ ਨੂੰ ਵੀ ਘੋਖਿਆ ਗਿਆ, ਜੋ ਵਿਭਿੰਨ ਪੱਧਰਾਂ 'ਤੇ ਮਾਤਰੀ ਮੌਤ ਪਹਿਲਾਂ ਪੇਸ਼ ਆਈਆਂ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਦੌਰਾਨ ਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਦੇ ਉਪਾਅ ਅਪਣਾਉਣ ਵਿਚ ਵਰਤੀ ਜਾਵੇ।
ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਅਜਿਹੀਆਂ ਮੌਤਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਉਠਾਏ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਜਿਹੜੀਆਂ ਗਰਭਵਤੀ ਔਰਤਾਂ ਹਾਈ ਰਿਸਕ 'ਤੇ ਹਨ ਤਾਂ ਉਨ੍ਹਾਂ ਦੀ ਇੱਕ ਲਿਸਟ ਤਿਆਰ ਕਰ ਕੇ ਹਮੇਸ਼ਾ ਆਪਣੇ ਕੋਲ ਰੱਖੀ ਜਾਵੇ। ਤਾਂ ਜੋ ਪਹਿਲਾਂ ਤੋਂ ਗਰਭਵਤੀ ਔਰਤ ਦੀ ਸੁਰੱਖਿਆ ਲਈ ਇਕ ਐਕਸ਼ਨ ਪਲਾਨ ਬਣਾ ਕੇ ਉਸ ਦਾ ਸੁਰੱਖਿਅਤ ਜਣੇਪਾ ਮੁਮਕਿਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦਾ ਹਮੇਸ਼ਾ ਮਾਹਰ ਡਾਕਟਰਾਂ ਕੋਲੋਂ ਚੈੱਕਅਪ ਕਰਵਾਇਆ ਜਾਵੇ, ਜੋ ਕਿ ਚਾਰ ਹੋਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਮਾਤਰੀ ਦਰ ਮੌਤ ਨੂੰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਿਹਤ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਔਰਤ ਨੂੰ ਕੋਈ ਸਮੱਸਿਆ ਹੈ, ਤਾਂ ਉਸ ਦੇ ਉਚਿੱਤ ਇਲਾਜ ਪ੍ਰਬੰਧਨ ਲਈ ਲੁੜੀਂਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਤੇ ਹੋਰ ਆਦਿ ਹਾਜ਼ਰ ਸਨ।