- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਅਧਿਕਾਰੀਆਂ ਨੇ ਸਵੈ ਜਨਗਣਨਾ-2027 ’ਚ ਸਰਗਰਮੀ ਨਾਲ ਲਿਆ ਹਿੱਸਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜਨਗਣਨਾ-2027 ਦੇ ਸਫਲਤਾਪੂਰਵਕ ਸੰਚਾਲਨ ਨੂੰ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਸਵੈ-ਗਣਨਾ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੈ-ਗਣਨਾ (ਸੈਲਫ ਐਨੂਮਰੇਸ਼ਨ) ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਅਧਿਕਾਰੀਆਂ ਨੇ ਅਧਿਕਾਰਤ ਜਨਗਣਨਾ-2027 ਪੋਰਟਲ ਤੇ ਆਪਣੇ ਘਰਾਂ ਦੇ ਵੇਰਵੇ ਆਨਲਾਈਨ ਦਰਜ ਕਰਵਾ ਕੇ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਵਿੱਚ ਜਨਤਕ ਭਾਗੀਦਾਰੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਘਰ ਬੈਠੇ ਹੀ ਆਨਲਾਈਨ ਪੋਰਟਲ ਰਾਹੀਂ ਆਪਣੇ ਪਰਿਵਾਰ ਅਤੇ ਮਕਾਨ ਸਬੰਧੀ ਲੋੜੀਂਦੇ ਵੇਰਵੇ ਦਰਜ ਕਰਵਾਉਣ। ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਨਿਵਾਸੀ ਨੂੰ ਇੱਕ ਵਿਲੱਖਣ ਸਵੈ-ਗਣਨਾ ਆਈਡੀ (ਐਸਈਆਈਡੀ) ਜਾਰੀ ਕੀਤੀ ਜਾਵੇਗੀ, ਜਿਸ ਨੂੰ ਬਾਅਦ ਵਿੱਚ ਘਰ-ਘਰ ਆਬਾਦੀ ਗਣਨਾ ਲਈ ਆਉਣ ਵਾਲੇ ਗਣਨਾਕਾਰ ਨਾਲ ਸਾਂਝਾ ਕਰਨਾ ਲਾਜ਼ਮੀ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 30 ਨਵੰਬਰ 2026 ਤੱਕ ਜਾਰੀ ਰਹੇਗੀ, ਜਦਕਿ ਘਰ-ਘਰ ਆਬਾਦੀ ਗਣਨਾ ਦਾ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤਾ ਜਾਵੇਗਾ। ਸਵੈ-ਗਣਨਾ ਲਈ ਅਧਿਕਾਰਤ ਪੋਰਟਲ https://se.census.gov.in? ਹੈ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਹੈਲਪਲਾਈਨ ਨੰਬਰ 1855 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।।ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ ਤੋਂ ਪਹਿਲਾਂ ਆਪਣੀ ਸਵੈ-ਗਣਨਾ ਮੁਕੰਮਲ ਕਰਕੇ ਜਨਗਣਨਾ-2027 ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫਲ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ।