ਜ਼ਿਲ੍ਹੇ ਦੇ ਲੋਕ ਗਠੀਏ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ : ਸਿਵਲ ਸਰਜਨ ਜ਼ਿਲ੍ਹੇ ਦੇ ਲੋਕ ਗਠੀਏ ਦੇ ਲੱਛਣਾਂ ਨੂੰ ਨਜ਼ਰ-ਅੰਦਾਜ਼ ਨਾ ਕਰਨ-ਸਿਵਲ ਸਰਜਨ
Publish Date: Wed, 14 Oct 2026 03:52 PM (IST)
Updated Date: Wed, 14 Oct 2026 03:54 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਵਿਸ਼ਵ ਗਠੀਆ ਦਿਵਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਜੋੜਾਂ ਦੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਗਠੀਏ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਦਾ ਸੱਦਾ ਦਿੱਤਾ ਹੈ। ਇਸ ਸਾਲ ਵਿਸ਼ਵ ਗਠੀਆ ਦਿਵਸ 2026 ਦਾ ਮੁੱਖ ਥੀਮ ‘ਆਪਣੇ ਸੁਪਨਿਆਂ ਨੂੰ ਸਾਕਾਰ ਕਰੋ’ ਹੈ। ਇਸ ਦਾ ਉਦੇਸ਼ ਗਠੀਏ ਅਤੇ ਮਾਸਪੇਸ਼ੀਆਂ, ਹੱਡੀਆਂ ਤੇ ਜੋੜਾਂ ਨਾਲ ਸਬੰਧਿਤ ਰੋਗਾਂ ਤੋਂ ਪੀੜਤ ਲੋਕਾਂ ਦੇ ਟੀਚਿਆਂ, ਸੁਪਨਿਆਂ ਅਤੇ ਇੱਛਾਵਾਂ ਨੂੰ ਉਜਾਗਰ ਕਰਨਾ ਹੈ। ਇਸ ਦੇ ਨਾਲ ਹੀ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ, ਸਹੀ ਇਲਾਜ ਅਤੇ ਬਿਹਤਰ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣਾ ਵੀ ਇਸ ਮੁਹਿੰਮ ਦਾ ਅਹਿਮ ਉਦੇਸ਼ ਹੈ, ਤਾਂ ਜੋ ਪ੍ਰਭਾਵਿਤ ਵਿਅਕਤੀ ਆਪਣੀ ਸਿਹਤ ਦਾ ਢੁੱਕਵਾਂ ਪ੍ਰਬੰਧ ਕਰਦੇ ਹੋਏ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਵੱਲ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਜੋੜਾਂ ਵਿਚ ਲਗਾਤਾਰ ਦਰਦ, ਸੋਜ, ਅਕੜਾਅ ਜਾਂ ਹਿਲਜੁਲ ਕਰਨ ਵਿਚ ਮੁਸ਼ਕਿਲ ਹੋਣ ਦੀ ਸਥਿਤੀ ਵਿਚ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ ਤਾਂ ਜੋ ਸਮੱਸਿਆ ਦੀ ਸਮੇਂ ਸਿਰ ਪਛਾਣ ਕਰ ਕੇ ਢੁੱਕਵਾਂ ਇਲਾਜ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਗਠੀਆ ਇੱਕ ਅਜਿਹੀ ਸਿਹਤ ਸਮੱਸਿਆ ਹੈ। ਜੋ ਜੋੜਾਂ ਵਿਚ ਦਰਦ, ਸੋਜ ਅਤੇ ਅਕੜਾਅ ਦਾ ਕਾਰਨ ਬਣ ਸਕਦੀ ਹੈ। ਇਸ ਦੀਆਂ ਵੱਖ-ਵੱਖ ਕਿਸਮਾਂ ਹੁੰਦੀਆਂ ਹਨ ਅਤੇ ਇਸ ਦੇ ਲੱਛਣ ਹਰ ਵਿਅਕਤੀ ਵਿਚ ਵੱਖਰੇ ਹੋ ਸਕਦੇ ਹਨ। ਇਸ ਲਈ ਲਗਾਤਾਰ ਦਰਦ ਜਾਂ ਹੋਰ ਲੱਛਣਾਂ ਦੀ ਸਥਿਤੀ ਵਿਚ ਆਪਣੀ ਮਰਜ਼ੀ ਨਾਲ ਦਵਾਈਆਂ ਲੈਣ ਦੀ ਬਜਾਏ ਯੋਗ ਡਾਕਟਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਬਣਾਈ ਰੱਖਣ ਵਿਚ ਮਦਦਗਾਰ ਹੋ ਸਕਦੀ ਹੈ। ਸੰਤੁਲਿਤ ਖੁਰਾਕ ਲੈਣਾ, ਸਰੀਰਕ ਸਮਰੱਥਾ ਅਨੁਸਾਰ ਨਿਯਮਤ ਕਸਰਤ ਕਰਨਾ, ਸਰੀਰ ਦਾ ਢੁੱਕਵਾਂ ਵਜ਼ਨ ਬਣਾਈ ਰੱਖਣਾ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਮਹੱਤਵ ਪੂਰਨ ਹੈ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਗਠੀਏ ਦੀ ਸਮੱਸਿਆ ਹੈ, ਉਨ੍ਹਾਂ ਨੂੰ ਡਾਕਟਰ ਵੱਲੋਂ ਦੱਸੇ ਇਲਾਜ ਅਤੇ ਕਸਰਤ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਬਜ਼ੁਰਗਾਂ ਅਤੇ ਲਗਾਤਾਰ ਜੋੜਾਂ ਦੇ ਦਰਦ ਤੋਂ ਪੀੜਤ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਲਾਪਰਵਾਹੀ ਨਾ ਵਰਤਣ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਮਰੀਜ਼ਾਂ ਨੂੰ ਦਰਦ ਘਟਾਉਣ ਅਤੇ ਰੋਜ਼ਾਨਾ ਦੇ ਕੰਮ ਕਰਨ ਦੀ ਸਮਰੱਥਾ ਬਣਾਈ ਰੱਖਣ ਵਿਚ ਮੱਦਦ ਮਿਲ ਸਕਦੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜੋੜਾਂ ਦੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਲੋੜ ਪੈਣ ’ਤੇ ਨੇੜਲੇ ਸਰਕਾਰੀ ਸਿਹਤ ਕੇਂਦਰ ਤੋਂ ਡਾਕਟਰੀ ਸਲਾਹ ਲੈਣ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਬਿਮਾਰੀ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨ ਨਾਲ ਸਿਹਤਮੰਦ ਜੀਵਨ ਬਤੀਤ ਕਰਨ ਵਿਚ ਮਦਦ ਮਿਲ ਸਕਦੀ ਹੈ।