ਡਾ. ਬਖਸ਼ੀਸ਼ ਸਿੰਘ ਨੇ ਬੰਗਾ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜਨ ਦੀ ਜਤਾਈ ਇੱਛਾ ਡਾ. ਬਖਸ਼ੀਸ਼ ਸਿੰਘ ਨੇ ਬੰਗਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਦੀ ਜਤਾਈ ਇੱਛਾ
Publish Date: Tue, 13 Oct 2026 03:37 PM (IST)
Updated Date: Tue, 13 Oct 2026 03:38 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਹਲਕਾ ਬੰਗਾ ਦੀ ਸਿਆਸਤ ਵਿਚ ਉਸ ਸਮੇਂ ਚਰਚਾ ਤੇਜ਼ ਹੋ ਗਈ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਮੌਜੂਦਾ ਹਲਕਾ ਚੱਬੇਵਾਲ ਦੇ ਕਾਂਗਰਸ ਅਬਜ਼ਰਵਰ ਡਾ. ਬਖਸ਼ੀਸ਼ ਸਿੰਘ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਆਪਣੀ ਇੱਛਾ ਜ਼ਾਹਰ ਕੀਤੀ ਹੈ। ਡਾ. ਬਖਸ਼ੀਸ਼ ਸਿੰਘ ਨੇ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਂਡ ਉਨ੍ਹਾਂ ਨੂੰ ਹਲਕਾ ਬੰਗਾ ਤੋਂ ਪਾਰਟੀ ਦੀ ਨੁਮਾਇੰਦਗੀ ਕਰਨ ਦਾ ਮੌਕਾ ਦਿੰਦੀ ਹੈ ਤਾਂ ਉਹ ਪੂਰੀ ਤਨਦੇਹੀ, ਮਿਹਨਤ ਅਤੇ ਸਮਰਪਣ ਨਾਲ ਚੋਣ ਲੜਨਗੇ ਅਤੇ ਬੰਗਾ ਦੀ ਸੀਟ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਯੋਗਦਾਨ ਪਾਉਣਾ ਹੈ। ਡਾ. ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 1996 ਵਿਚ ਕਾਂਗਰਸ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਬਾਅਦ ਉਹ ਪਾਰਟੀ ਵੱਲੋਂ ਸੌਂਪੀਆਂ ਗਈਆਂ ਵੱਖ-ਵੱਖ ਜ਼ਿੰਮੇਵਾਰੀਆਂ ਅਤੇ ਅਹੁਦਿਆਂ ’ਤੇ ਰਹਿ ਕੇ ਪਾਰਟੀ ਲਈ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਮੇਂ-ਸਮੇਂ ਤੇ ਦਿੱਤੀ ਹਰ ਜ਼ਿੰਮੇਵਾਰੀ ਨੂੰ ਉਨ੍ਹਾਂ ਨੇ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ ਇੱਕ ਸਾਲ ਤੋਂ ਉਹ ਬੂਥ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਵਰਕਰਾਂ ਨਾਲ ਸੰਪਰਕ, ਬੂਥ ਪੱਧਰੀ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਹਲਕਾ ਚੱਬੇਵਾਲ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਇਹ ਜ਼ਿੰਮੇਵਾਰੀ ਵੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿੱਥੇ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਨ੍ਹਾਂ ਨੇ ਉਸ ਨੂੰ ਪਾਰਟੀ ਹਿੱਤ ਵਿਚ ਪੂਰੀ ਮਿਹਨਤ ਨਾਲ ਨਿਭਾਉਣ ਨੂੰ ਹਮੇਸ਼ਾ ਪਹਿਲ ਦਿੱਤੀ ਹੈ। ਡਾ. ਬਖਸ਼ੀਸ਼ ਸਿੰਘ ਨੇ ਕਾਂਗਰਸ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਨਵੀਂ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ। ਡਾ. ਬਖਸ਼ੀਸ਼ ਸਿੰਘ ਨੇ ਕਿਹਾ ਕਿ ਜੇਕਰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਉਨ੍ਹਾਂ ਨੂੰ ਹਲਕਾ ਬੰਗਾ ਦੀ ਸੇਵਾ ਕਰਨ ਦਾ ਮੌਕਾ ਦਿੰਦੀ ਹੈ ਤਾਂ ਉਹ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਨਗੇ ਅਤੇ ਪਾਰਟੀ ਦੇ ਭਰੋਸੇ ’ਤੇ ਖਰਾ ਉਤਰਨ ਲਈ ਪੂਰੀ ਤਾਕਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਬੰਗਾ ਸੀਟ ਜਿੱਤਣ ਲਈ ਪੂਰੀ ਮਿਹਨਤ ਕਰਨਗੇ ਅਤੇ ਇਹ ਸੀਟ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣ ਦਾ ਟੀਚਾ ਰੱਖਣਗੇ। ਹਾਲਾਂਕਿ ਡਾ. ਬਖਸ਼ੀਸ਼ ਸਿੰਘ ਨੇ ਪਾਰਟੀ ਅੰਦਰ ਏਕਤਾ ਦਾ ਸੰਦੇਸ਼ ਦਿੰਦਿਆਂ ਇਹ ਵੀ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਂਡ ਕਿਸੇ ਹੋਰ ਮਿਹਨਤੀ ਅਤੇ ਯੋਗ ਕਾਂਗਰਸੀ ਵਰਕਰ ਨੂੰ ਹਲਕਾ ਬੰਗਾ ਤੋਂ ਟਿਕਟ ਦਿੰਦੀ ਹੈ ਤਾਂ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੇ ਫੈਸਲੇ ਦਾ ਸਨਮਾਨ ਕਰਦਿਆਂ ਇੱਕਜੁੱਟ ਹੋ ਕੇ ਉਸ ਉਮੀਦਵਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਇੱਛਾਵਾਂ ਤੋਂ ਉੱਪਰ ਉੱਠ ਕੇ ਪਾਰਟੀ ਦੀ ਮਜ਼ਬੂਤੀ ਅਤੇ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣਾ ਹਰ ਕਾਂਗਰਸੀ ਵਰਕਰ ਦਾ ਸਾਂਝਾ ਟੀਚਾ ਹੋਣਾ ਚਾਹੀਦਾ ਹੈ। ਡਾ. ਬਖਸ਼ੀਸ਼ ਸਿੰਘ ਦੇ ਇਸ ਬਿਆਨ ਤੋਂ ਬਾਅਦ ਹਲਕਾ ਬੰਗਾ ਵਿਚ ਕਾਂਗਰਸ ਦੀ ਸੰਭਾਵਿਤ ਟਿਕਟ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹੋਣ ਦੀ ਸੰਭਾਵਨਾ ਹੈ।