ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ ਤੋਂ
Publish Date: Tue, 22 Sep 2026 07:04 PM (IST)
Updated Date: Tue, 22 Sep 2026 07:06 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ 23 ਸਤੰਬਰ ਤੋਂ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਚ ਪਹਿਲਾ ਡਰੋਨ ਸ਼ੋਅ 23 ਸਤੰਬਰ ਨੂੰ ਸਰਕਾਰੀ ਆਈਟੀਆਈ ਕਾਲਜ ਨਵਾਂਸ਼ਹਿਰ ਦੇ ਗਰਾਊਂਡ ਵਿਚ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਅਨੋਖੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਸੰਗਤ ਦੇ ਬੈਠਣ ਲਈ ਢੁਕਵੀਂ ਵਿਵਸਥਾ ਕੀਤੀ ਜਾਵੇਗੀ। ਸਮਾਗਮ ਦੀ ਸ਼ੁਰੂਆਤ ਰਾਗੀ ਜਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਨਾਲ ਹੋਵੇਗੀ। ਪ੍ਰੋਗਰਾਮ ਸ਼ਾਮ 6 ਵਜੇ ਤੋਂ ਸ਼ੁਰੂ ਹੋਵੇਗਾ ਜਦਕਿ ਡਰੋਨ ਸ਼ੋਅ ਸ਼ਾਮ 7:45 ਵਜੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਤੋਂ ਬਾਅਦ 24 ਸਤੰਬਰ ਨੂੰ ਬੰਗਾ ਅਤੇ 25 ਸਤੰਬਰ ਨੂੰ ਬਲਾਚੌਰ ਵਿਚ ਵੀ ਡਰੋਨ ਸ਼ੋਅ ਕਰਵਾਏ ਜਾਣਗੇ। ਇਨ੍ਹਾਂ ਆਯੋਜਨਾਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਮਾਨਵਤਾ ਨੂੰ ਸਮਰਪਿਤ ਸਿੱਖਿਆਵਾਂ ਨੂੰ ਨਵੀਂ ਤਕਨੀਕ ਰਾਹੀਂ ਜਨ-ਜਨ ਤੱਕ ਪਹੁੰਚਾਉਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਆਧਾਰਿਤ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਵੱਖ-ਵੱਖ ਡਿਜੀਟਲ ਆਕ੍ਰਿਤੀਆਂ ਅਤੇ ਦ੍ਰਿਸ਼ਾਂ ਰਾਹੀਂ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਦੀ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ 23 ਸਤੰਬਰ ਨੂੰ ਸਰਕਾਰੀ ਆਈਟੀਆਈ ਕਾਲਜ ਗਰਾਊਂਡ ਨਵਾਂਸ਼ਹਿਰ, 24 ਸਤੰਬਰ ਨੂੰ ਸਿੱਖ ਨੈਸ਼ਨਲ ਕਾਲਜ ਗਰਾਊਂਡ ਬੰਗਾ ਅਤੇ 25 ਸਤੰਬਰ ਨੂੰ ਬੀਏਵੀ ਸਕੂਲ ਸਪੋਰਟਸ ਗਰਾਊਂਡ ਬਲਾਚੌਰ ਵਿਚ ਇਹ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੀ ਸੰਗਤ ਨੂੰ ਇਨ੍ਹਾਂ ਵਿਸ਼ੇਸ਼ ਆਯੋਜਨਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।