- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਨੂੰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 23 ਸਤੰਬਰ ਨੂੰ ਨਵਾਂਸ਼ਹਿਰ ਦੀ ਆਈਟੀਆਈ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਜੋ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਪੇਸ਼ ਕਰੇਗਾ। ਐੱਸਡੀਐੱਮ ਨਵਾਂਸ਼ਹਿਰ ਅਨਮਯੋਤ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ 23 ਸਤੰਬਰ ਨੂੰ ਸ਼ਾਮ ਦੇ ਸਮੇਂ ਕਰਵਾਇਆ ਜਾਵੇਗਾ। ਸ਼ੋਅ ਦੌਰਾਨ 500 ਡਰੋਨ ਇਕੱਠੇ ਅਸਮਾਨ ਵਿਚ ਉਡਾਣ ਭਰਦੇ ਹੋਏ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਮਾਨਵਤਾ, ਬਰਾਬਰਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਡਿਜੀਟਲ ਪੇਸ਼ਕਾਰੀ ਰਾਹੀਂ ਦਰਸਾਉਣਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਅਤੇ ਕੀਰਤਨ ਨਾਲ ਹੋਵੇਗੀ, ਉਸ ਤੋਂ ਬਾਅਦ ਡਰੋਨ ਸ਼ੋਅ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸ਼ਰਧਾਲੂਆਂ ਦੇ ਬੈਠਣ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਲੋਕ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਸ਼ੇਸ਼ ਪੇਸ਼ਕਾਰੀ ਦਾ ਆਨੰਦ ਮਾਣ ਸਕਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਦੀ ਸਫਲਤਾ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 23 ਸਤੰਬਰ ਨੂੰ ਕਰਵਾਏ ਇਸ ਵਿਸ਼ੇਸ਼ ਡਰੋਨ ਸ਼ੋਅ ਵਿਚ ਸ਼ਾਮਲ ਹੋ ਕੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕਰਨ। ਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 24 ਸਤੰਬਰ ਨੂੰ ਬੰਗਾ ਅਤੇ 25 ਸਤੰਬਰ ਨੂੰ ਬਲਾਚੌਰ ਵਿਖੇ ਵੀ ਕਰਵਾਏ ਜਾਣਗੇ। ਇਸ ਮੌਕੇ ਡੀਐੱਸਪੀ ਪੰਕਜ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।