ਤੰਬਾਕੂ ਮੁਕਤ ਕੰਪੇਨ ਨੂੰ ਸਫ਼ਲ ਬਣਾਉਣ ਲਈ ਤੇਜ਼ੀ ਲਿਆੰਦੀ ਜਾਵੇ : ਸਿਵਲ ਸਰਜਨ ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਹੋਰ ਤੇਜ਼ੀ ਲਿਆੰਦੀ ਜਾਵੇ-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ
Publish Date: Thu, 12 Nov 2026 03:31 PM (IST)
Updated Date: Thu, 12 Nov 2026 03:33 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਹਤ ਵਿਭਾਗ ਵੱਲੋਂ 1 ਨਵੰਬਰ ਤੋਂ ਸ਼ੁਰੂ ਕੀਤੀ ਗਈ ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਸਮੂਹ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਸਮੂਹ ਬਲਾਕ ਐਜੂਕੇਟਰਾਂ, ਬਲਾਕ ਹੈਲਥ ਇੰਸਪੈਕਟਰਾਂ ਅਤੇ ਐੱਲ.ਐੱਚ.ਵੀਜ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਸਬੰਧੀ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਨੌਜਵਾਨਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਹੈ। ਇਸ ਲਈ ਤੰਬਾਕੂ ਮੁਕਤ ਯੂਥ ਕੰਪੇਨ 4.0 ਤਹਿਤ ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਅਤੇ ਭਾਈਚਾਰਕ ਪੱਧਰ ਤੇ ਜਾਗਰੂਕਤਾ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਦੌਰਾਨ ਸਮੂਹ ਬਲਾਕ ਐਜੂਕੇਟਰਾਂ, ਬਲਾਕ ਹੈਲਥ ਇੰਸਪੈਕਟਰਾਂ ਅਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੇ ਸੀ.ਐੱਚ.ਸੀ. ਬੰਗਾ ਦੀਆਂ ਲੇਡੀ ਹੈਲਥ ਵਿਜ਼ਿਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਸਿਹਤ ਵਿਭਾਗ ਦੇ ਸਮੂਹ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਯੋਜਨਾਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ। ਡਾ. ਗੀਤਾਂਜਲੀ ਸਿੰਘ ਨੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਯੁਸ਼ਮਾਨ ਭਾਰਤ ਹੈਲਥ ਅਕਾਊਂਟ ਆਈ.ਡੀ. ਬਣਾਉਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਭਾ ਆਈ.ਡੀ. ਦੇ ਲਾਭਾਂ ਬਾਰੇ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀਆਂ ਆਈ.ਡੀਜ਼ ਬਣਾਈਆਂ ਜਾਣ ਅਤੇ ਇਸ ਕੰਮ ਦੀ ਨਿਯਮਿਤ ਸਮੀਖਿਆ ਵੀ ਯਕੀਨੀ ਬਣਾਈ ਜਾਵੇ। ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਮੁਹਿੰਮਾਂ ਦੀ ਸਫ਼ਲਤਾ ਲਈ ਲੋਕਾਂ ਦੀ ਸਰਗਰਮ ਸ਼ਮੂਲੀਅਤ ਬਹੁਤ ਮਹੱਤਵਪੂਰਨ ਹੈ। ਇਸ ਲਈ ਸਕੂਲਾਂ, ਪਿੰਡਾਂ, ਸ਼ਹਿਰੀ ਖੇਤਰਾਂ ਅਤੇ ਹੋਰ ਜਨਤਕ ਥਾਵਾਂ ਤੇ ਸਿਹਤ ਜਾਗਰੂਕਤਾ ਗਤੀਵਿਧੀਆਂ ਕਰਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਫੀਲਡ ਪੱਧਰ ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਨਿਯਮਿਤ ਨਿਗਰਾਨੀ ਕਰਨ, ਉਨ੍ਹਾਂ ਦਾ ਸਹੀ ਰਿਕਾਰਡ ਰੱਖਣ ਅਤੇ ਪ੍ਰਗਤੀ ਰਿਪੋਰਟ ਸਮੇਂ ਸਿਰ ਦਫ਼ਤਰ ਭੇਜਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੇ ਸਫ਼ਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।