ਵੋਟਰ ਸੂਚੀਆਂ ਦੀ ਸੁਧਾਈ ਲਈ ਰਾਜਨੀਤਿਕ ਪਾਰਟੀਆਂ ਨਾਲ ਬੈਠਕ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਸਮੀਖਿਆ ਲਈ ਇਲੈਕਟੋਰਲ ਰੋਲ ਅਬਜ਼ਰਵਰ ਕਰਨਗੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
Publish Date: Sat, 21 Nov 2026 03:30 PM (IST)
Updated Date: Sat, 21 Nov 2026 03:31 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸਐਸਆਰ) ਦੀ ਪ੍ਰਕਿਰਿਆ ਦੀ ਸਮੀਖਿਆ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਕਮਿਸ਼ਨਰ ਰੂਪਨਗਰ ਮੰਡਲ, ਰੂਪਨਗਰ ਵਿਨੈ ਬੁਬਲਾਨੀ, ਆਈਏਐੱਸ ਨੂੰ ਇਲੈਕਟੋਰਲ ਰੋਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਇਲੈਕਟੋਰਲ ਰੋਲ ਅਬਜ਼ਰਵਰ ਵੱਲੋਂ 27, ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਸੰਸਦ ਮੈਂਬਰ, ਵਿਧਾਇਕਾਂ ਅਤੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਤੇ ਕਨਵੀਨਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਸਮੇਂ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਉਹ ਜ਼ਿਲ੍ਹੇ ਦੇ ਕੁਝ ਪੋਲਿੰਗ ਬੂਥਾਂ ਦੀ ਚੈਕਿੰਗ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਇਲੈਕਟੋਰਲ ਰੋਲ ਅਬਜ਼ਰਵਰ ਦੀ ਈਮੇਲ ਆਈਡੀ div.com.rpr0punjab.gov.in ਅਤੇ ਸੰਪਰਕ ਨੰਬਰ 01881-220400 ਹੈ। ਵੋਟਰ ਸੂਚੀ ਵਿਚ ਆਪਣੀ ਵੋਟ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਇਤਰਾਜ਼ ਜਾਂ ਸਮੱਸਿਆ ਰੱਖਣ ਵਾਲਾ ਕੋਈ ਵੀ ਵਿਅਕਤੀ ਇਲੈਕਟੋਰਲ ਰੋਲ ਅਬਜ਼ਰਵਰ ਨਾਲ ਉਕਤ ਮਿਤੀ ਨੂੰ ਮਿਲ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਦੌਰਾਨ ਆਪਣੇ ਵੋਟ ਦੇ ਅਧਿਕਾਰ ਨਾਲ ਸੰਬੰਧਤ ਕਿਸੇ ਵੀ ਸਮੱਸਿਆ ਜਾਂ ਇਤਰਾਜ਼ ਬਾਰੇ ਨਿਰਧਾਰਤ ਮਿਤੀ ਨੂੰ ਅਬਜ਼ਰਵਰ ਦੇ ਧਿਆਨ ਵਿਚ ਲਿਆਉਣ, ਤਾਂ ਜੋ ਵੋਟਰ ਸੂਚੀਆਂ ਨੂੰ ਸਹੀ ਅਤੇ ਗਲਤੀ ਰਹਿਤ ਬਣਾਉਣ ਵਿਚ ਸਹਿਯੋਗ ਮਿਲ ਸਕੇ।