ਬਿਜਲੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਮੁਜ਼ਾਹਰਾ
ਬਿਜਲੀ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ
Publish Date: Sat, 28 Feb 2026 05:57 PM (IST)
Updated Date: Sun, 01 Mar 2026 04:08 AM (IST)

ਸਰਕਾਰ ਦਾ ਪਿੱਟ-ਸਿਆਪਾ ਕਰ ਕੇ ਜਤਾਇਆ ਰੋਸ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਪੀਐੱਸਪੀਸੀਐੱਲ ਦੇ ਜੁਆਇੰਟ ਫੋਰਮ ਦੇ ਸੱਦੇ ਤੇ ਅੱਜ ਸਬ-ਡਵੀਜ਼ਨ ਬਲਾਚੌਰ ਵਿਖੇ ਬਿਜਲੀ ਮੁਲਾਜ਼ਮਾਂ, ਬੱਚਿਆਂ ਅਤੇ ਪੈਨਸ਼ਨਰਾਂ ਵੱਲੋਂ ਵਿਸ਼ਾਲ ਗੇਟ ਰੈਲੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਆਪਣਾ ਗੁੱਸਾ ਜ਼ਾਹਿਰ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਮੁਲਾਜ਼ਮਾਂ ਨੇ ਖੰਡ ਮਿੱਲ ਸ਼ੇਰੋਂ ਤਰਨਤਾਰਨ ਦੀ ਜ਼ਮੀਨ ਨੂੰ ਨਿੱਜੀ ਹੱਥਾਂ ਵਿਚ ਦੇਣ ਜਾਂ ਤਬਦੀਲ ਕਰਨ ਦੀ ਪ੍ਰਕਿਰਿਆ ਦਾ ਸਖ਼ਤ ਵਿਰੋਧ ਕੀਤਾ। ਇਸ ਦੇ ਨਾਲ ਹੀ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਸਾਥੀ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਕੀਤੀ ਜਾ ਰਹੀ ਕਥਿਤ ਨਜਾਇਜ਼ ਖ਼ੁਆਰੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਟੇਟ ਆਗੂ ਇਕਬਾਲ ਸਿੰਘ ਆਰਗੇਨਾਈਜ਼ਰ ਨੇ ਕੀਤੀ। ਉਨ੍ਹਾਂ ਦੇ ਨਾਲ ਸਬ-ਡਵੀਜ਼ਨ ਬਲਾਚੌਰ ਨੰਬਰ-1 ਦੇ ਪ੍ਰਧਾਨ ਵਿਨੋਦ ਕੁਮਾਰ ਟਕਾਰਲਾ ਸਬ-ਡਵੀਜ਼ਨ ਨੰਬਰ-2 ਦੇ ਪ੍ਰਧਾਨ ਸਰਬਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਰੈਲੀ ਵਿਚ ਅਮਰੀਕ ਸਿੰਘ ਜਾਫਰਪੁਰ, ਸਰਬਜੀਤ ਸਿੰਘ ਆਸ਼ਾਪੂਰ, ਮੋਹਿਤ ਸਿੰਘ, ਜਸਵਿੰਦਰ ਸਿੰਘ ਬੰਗੜ, ਰੇਸ਼ਮ ਸਿੰਘ, ਪਵਨ ਕੁਮਾਰ, ਸੁਰਿੰਦਰ ਸਿੰਘ ਧਿਆਨੂ ਮਾਜਰਾ ਅਤੇ ਨਿਰੰਕਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ।