ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਟੀਬੀ ਦਾ ਖਾਤਮਾ ਸੰਭਵ : ਡਾ. ਅਜੇ ਬਸਰਾ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਟੀਬੀ ਦਾ ਖਾਤਮਾ ਸੰਭਵ: ਡਾ. ਅਜੇ ਬਸਰਾ
Publish Date: Sun, 18 Oct 2026 03:42 PM (IST)
Updated Date: Sun, 18 Oct 2026 03:45 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਟੀਬੀ ਮੁਕਤ ਭਾਰਤ ਮੁਹਿੰਮ ਅਤੇ ਨਵੀਂ ਜੋਸ਼ ਮੁਹਿੰਮ ਤਹਿਤ ਅੱਜ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਟੀਬੀ ਦੀ ਰੋਕਥਾਮ, ਸ਼ੁਰੂਆਤੀ ਲੱਛਣਾਂ ਦੀ ਪਛਾਣ ਅਤੇ ਸਮੇਂ ਸਿਰ ਜਾਂਚ ਤੇ ਇਲਾਜ ਪ੍ਰਤੀ ਜਾਗਰੂਕ ਕਰਨਾ ਸੀ। ਵਰਕਸ਼ਾਪ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਅਤੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਕਿਸ਼ਨ ਰਾਏ ਨੇ ਜੋਸ਼ ਟੀਮ ਦੇ ਮੈਂਬਰਾਂ ਅਤੇ ਐਨਸੀਸੀ ਕੈਡਿਟਾਂ ਨੂੰ ਟੀਬੀ ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਟੀਬੀ ਸ਼ਾਖਾ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ। ਸਿਖਲਾਈ ਉਪਰੰਤ ਜੋਸ਼ ਟੀਮ ਦੇ ਮੈਂਬਰਾਂ ਅਤੇ ਐਨਸੀਸੀ ਕੈਡਿਟਾਂ ਵੱਲੋਂ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ। ਰੈਲੀ ਰਾਹੀਂ ਲੋਕਾਂ ਨੂੰ ਟੀਬੀ ਦੇ ਲੱਛਣਾਂ ਪ੍ਰਤੀ ਸੁਚੇਤ ਰਹਿਣ, ਸਮੇਂ ਸਿਰ ਜਾਂਚ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈਣ ਦਾ ਸੁਨੇਹਾ ਦਿੱਤਾ। ਮੁਹਿੰਮ ਤਹਿਤ ਜੋਸ਼ ਟੀਮਾਂ ਅਤੇ ਐਨ.ਸੀ.ਸੀ. ਕੈਡਿਟ ਆਪਣੇ ਨਿਰਧਾਰਤ ਉੱਚ-ਜੋਖਮ ਵਾਲੇ ਖੇਤਰਾਂ ਵਿਚ ਜਾ ਕੇ ਜਾਗਰੂਕਤਾ ਅਤੇ ਜਾਂਚ ਸਬੰਧੀ ਗਤੀਵਿਧੀਆਂ ਚਲਾਉਣਗੇ, ਤਾਂ ਜੋ ਸੰਭਾਵਿਤ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਨਾਲ ਜੋੜਿਆ ਜਾ ਸਕੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਨੇ ਕਿਹਾ ਕਿ ਟੀਬੀ ਦੇ ਖਾਤਮੇ ਲਈ ਸਿਹਤ ਵਿਭਾਗ ਦੇ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਜਾਗਰੂਕਤਾ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਅਪੀਲ ਕੀਤੀ ਕਿ ਟੀਬੀ ਦੇ ਲੱਛਣ ਦਿਖਾਈ ਦੇਣ ਤੇ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਇਲਾਜ ਦਾ ਕੋਰਸ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਟੀਬੀ ਮੁਕਤ ਸਮਾਜ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।