ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ
Publish Date: Sat, 03 Oct 2026 06:07 PM (IST)
Updated Date: Sat, 03 Oct 2026 06:10 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਰਾਹੀਂ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਐਮਰਜੈਂਸੀ ਸੇਵਾਵਾਂ ਅਤੇ ਹੋਰ ਸਿਹਤ ਸਹੂਲਤਾਂ ਦਾ ਨਿਰੀਖਣ ਕਰਦਿਆਂ ਦਵਾਈਆਂ ਦੀ ਉਪਲੱਬਧਤਾ, ਸਾਫ਼-ਸਫ਼ਾਈ, ਮੈਡੀਕਲ ਸਾਜ਼ੋ-ਸਾਮਾਨ ਅਤੇ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਂਚ ਕੀਤੀ। ਇਸ ਮੌਕੇ ਡਾ. ਅਮਨ ਸੂਦ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਓਪੀਡੀ, ਆਈਪੀਡੀ, ਐਮਰਜੈਂਸੀ ਸੇਵਾਵਾਂ, ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ, ਸਾਫ਼-ਸਫ਼ਾਈ ਦੇ ਪ੍ਰਬੰਧਾਂ ਅਤੇ ਮਰੀਜ਼ਾਂ ਦੀ ਸਹੂਲਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹਰੇਕ ਮਰੀਜ਼ ਨੂੰ ਸਮੇਂ ਸਿਰ ਲੋੜੀਂਦੀ ਸਿਹਤ ਸੇਵਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸੁਚੱਜਾ ਅਤੇ ਸਨਮਾਨਜਨਕ ਮਾਹੌਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ, ਪਹੁੰਚਯੋਗ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਲਿਆਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।