- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰਦੀਪ ਸਕੂਲ ਵਿਖੇ ਲੇਖ ਮੁਕਾਬਲੇ ਕਰਵਾਏ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਅਮਰਦੀਪ ਸੈਕੰਡਰੀ ਸਕੂਲ ਮਕੰਦਪੁਰ ਵਿਖੇ ਵਿਦਿਆਰਥੀਆਂ ਦੀ ਲੇਖਣ ਕਲਾ, ਵਿਚਾਰ ਪ੍ਰਗਟਾਉਣ ਦੀ ਯੋਗਤਾ ਅਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲੇਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਲਈ ਨਾਰੀ ਸਸ਼ਕਤੀਕਰਨ, ਅਨੁਸ਼ਾਸਨ ਦੀ ਮਹੱਤਤਾ, ਚੰਗੇ ਸਲੀਕੇ ਅਤੇ ਸੋਸ਼ਲ ਮੀਡੀਆ ਦੇ ਸਕਾਰਾਤਮਕ ਤੇ ਨਕਾਰਾਤਮਕ ਪ੍ਰਭਾਵ ਵਰਗੇ ਮਹੱਤਵਪੂਰਨ ਵਿਸ਼ੇ ਰੱਖੇ ਗਏ। ਵਿਦਿਆਰਥੀਆਂ ਨੇ ਇਨ੍ਹਾਂ ਵਿਸ਼ਿਆਂ ਉੱਤੇ ਆਪਣੇ ਵਿਚਾਰਾਂ ਨੂੰ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੁਕਾਬਲੇ ਵਿੱਚ ਬਾਰ੍ਹਵੀਂ ਜਮਾਤ ਕਾੱਮਰਸ ਦੀ ਵਿਦਿਆਰਥਣ ਜਾਨਵੀ ਨੇ ਪਹਿਲਾ ਸਥਾਨ, ਗਿਆਰ੍ਹਵੀਂ ਜਮਾਤ ਕਾਮਰਸ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਦੂਜਾ ਸਥਾਨ ਅਤੇ ਗਿਆਰ੍ਹਵੀਂ ਜਮਾਤ ਕਾੱਮਰਸ ਦੀ ਵਿਦਿਆਰਥਣ ਬਲਜੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਲੈਕਚਰਾਰ ਨੀਤਿਕਾ ਵੱਲੋਂ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਇਨਾਮ ਤਕਸੀਮ ਕੀਤੇ ਤੇ ਨਾਲ ਹੀ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਆਖਿਆ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸੋਚਣ, ਲਿਖਣ ਅਤੇ ਆਪਣੇ ਵਿਚਾਰ ਪ੍ਰਗਟਾਉਣ ਦੀ ਸਮਰੱਥਾ ਨੂੰ ਵੀ ਵਿਕਸਿਤ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।