ਝੋਨੇ ਦੀ ਫ਼ਸਲ ਸੁਕਾ ਕੇ ਹੀ ਮੰਡੀਆਂ ’ਚ ਲੈ ਕੇ ਆਉਣ ਕਿਸਾਨ : ਡਿਪਟੀ ਕਮਿਸ਼ਨਰ ਝੋਨੇ ਦੀ ਫ਼ਸਲ ਸੁਕਾ ਕੇ ਹੀ ਮੰਡੀਆਂ 'ਚ ਲੈ ਕੇ ਆਉਣ ਕਿਸਾਨ-ਡਿਪਟੀ ਕਮਿਸ਼ਨਰ
Publish Date: Wed, 14 Oct 2026 06:26 PM (IST)
Updated Date: Wed, 14 Oct 2026 06:30 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਵਿਚ ਕਿਸੇ ਕਿਸਮ ਦੀ ਪਰੇਸ਼ਾਨੀ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਬੰਧਿਤ ਅਧਿਕਾਰੀਆਂ ਨੂੰ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਸਬੰਧਿਤ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖੁੱਲ੍ਹੇ ਵਿਚ ਪਏ ਝੋਨੇ ਦੇ ਢੇਰਾਂ ਅਤੇ ਬੋਰੀਆਂ ਵਿਚ ਭਰੇ ਝੋਨੇ ਨੂੰ ਤਰਪਾਲਾਂ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਪੁੱਜੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿਣਸ ਨੂੰ ਸੁਰੱਖਿਅਤ ਰੱਖਣਾ ਅਤੇ ਮੰਡੀਆਂ ਵਿਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਨਮੀ ਕਾਰਨ ਖ਼ਰੀਦ ਵਿਚ ਦੇਰੀ ਜਾਂ ਕਿਸੇ ਹੋਰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੇ ਝੋਨੇ ਦੀ ਕਟਾਈ ਸਬੰਧੀ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੰਬਾਈਨ ਮਸ਼ੀਨਾਂ ’ਤੇ ਸੁਪਰ ਐੱਸਐੱਮਐੱਸ ਚਾਲੂ ਹਾਲਤ ਵਿਚ ਰੱਖਣਾ ਲਾਜ਼ਮੀ ਹੈ। ਸੁਪਰ ਐੱਸਐੱਮਐੱਸ ਤੋਂ ਬਿਨਾਂ ਕੰਬਾਈਨ ਮਸ਼ੀਨ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ ਵਿਚ 15 ਨਵੰਬਰ 2026 ਤੱਕ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਵੀ ਰੋਕ ਰਹੇਗੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕਟਾਈ ਕਰਨ ਅਤੇ ਘੱਟ ਪੱਕੇ ਜਾਂ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਨਾਲ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਦੌਰਾਨ ਪਰੇਸ਼ਾਨੀ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿਚ ਖ਼ਰੀਦ ਪ੍ਰਬੰਧ, ਝੋਨੇ ਦੀ ਸੁਰੱਖਿਆ ਅਤੇ ਕੰਬਾਈਨ ਮਸ਼ੀਨਾਂ ਦੇ ਸੰਚਾਲਨ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ।