- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਚ ਗੈਂਗਸਟਰਵਾਦ ਬੇਲਗਾਮ-ਦਿਲਾਵਰ ਦਿਲੀ, ਸੰਦੀਪ ਚੌਧਰੀ

ਕਿਹਾ- ‘ਆਪ’ ਸਰਕਾਰ ਅਮਨ-ਕਾਨੂੰਨ ਸੰਭਾਲਣ ’ਚ ਪੂਰੀ ਤਰ੍ਹਾਂ ਨਾਕਾਮ
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ
ਆਮ ਆਦਮੀ ਪਾਰਟੀ ਦੇ ਰਾਜਭਾਗ ਦੌਰਾਨ ਪੰਜਾਬ ਵਿਚ ਤੇਜ਼ੀ ਨਾਲ ਵਧੇ ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਨੇ ਆਮ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ। ਮੌਜੂਦਾ ਸਮੇਂ ਦੌਰਾਨ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਅਤੇ ਸਰਕਾਰ ਗੈਂਗਸਟਰਾਂ ਅੱਗੇ ਬੇਬਸ ਨਜ਼ਰ ਆ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਕੋਰ ਕਮੇਟੀ ਮੈਂਬਰ ਦਿਲਾਵਰ ਦਿਲੀ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਆਏ ਦਿਨ ਹੁੰਦੀਆਂ ਵਾਰਦਾਤਾਂ ਨੇ ਪੰਜਾਬੀਆਂ ਦੇ ਦਿਲਾਂ ਅੰਦਰ ਅਜੀਬ ਜਿਹਾ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਵੈਸੇ ਤਾਂ ਆਪ ਦੇ ਰਾਜਭਾਗ ਵਿਚ ਬਹੁਤ ਦੇਰ ਤੋਂ ਇਹੀ ਸਿਲਸਲਾ ਚੱਲ ਰਿਹਾ ਪਰ ਨਵੇਂ ਸਾਲ ਦੇ ਪਹਿਲੇ ਦਿਨਾਂ ਤੋਂ ਹੀ ਰੋਜ਼ਾਨਾ ਪੰਜਾਬ ਚ ਕਤਲ ਹੋ ਰਹੇ ਹਨ।
2 ਜਨਵਰੀ ਨੂੰ ਕਪੂਰਥਲਾ ਵਿਚ ਔਰਤ ਦੀ ਹੱਤਿਆ, 3 ਜਨਵਰੀ ਨੂੰ ਮੋਗਾ ਦੇ ਤਿੰਡਰ ਕਲਾਂ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, 4 ਜਨਵਰੀ ਨੂੰ ਅਮ੍ਰਿਤਸਰ ਵਿਚ ਵਿਆਹ ਸਮਾਗਮ ਦੌਰਾਨ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਅਤੇ 5 ਜਨਵਰੀ ਨੂੰ ਜਗਰਾਓ ਦੇ ਐਮਐਲਏ ਦੇ ਭਾਣਜੇ ਕਬੱਡੀ ਖਿਡਾਰੀ ਦੀ ਮਾਣੂੰਕੇ ਵਿਖੇ ਹੱਤਿਆ ਨੇ ਪੰਜਾਬ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਪੰਜਾਬ ਦਾ ਹਰ ਵਰਗ-ਵਪਾਰੀ, ਉਦਯੋਗਪਤੀ, ਕਿਸਾਨ, ਨੌਜਵਾਨ ਅਤੇ ਆਮ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।
ਦਿਨ ਦਿਹਾੜੇ ਗੋਲੀਆਂ ਚੱਲ ਰਹੀਆਂ ਹਨ। ਫਿਰੌਤੀ ਦੀਆਂ ਧਮਕੀਆਂ ਆਮ ਗੱਲ ਬਣ ਚੁੱਕੀਆਂ ਹਨ ਤੇ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਲੋਕ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਚ ਹਨ। ਤਾਂ ਜੋ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਦਿਆਂ ਸੂਬੇ ਅੰਦਰ ਪੰਜਾਬ ਅਤੇ ਪੰਜਾਬੀਅਤ ਦੀ ਪਹਿਰੇਦਾਰ, ਹਰ ਵਰਗ ਦੀ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸਤਾ ਵਿਚ ਲਿਆ ਸਕਣ। ਤਾਂ ਜੋ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ।
ਉਧਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਆਖਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਖੋਖਲੇ ਵਾਅਦਿਆਂ ਤੱਕ ਸੀਮਿਤ ਰਹਿ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂ ਅਤੇ ਪਾਰਟੀ ਵਰਕਰ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਸ਼ਿਅਦ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕੇ ਸੱਤਾ ਵਿਚ ਆਉਣ ਤੇ ਅਮਨ ਸ਼ਾਂਤੀ ਵਾਲੇ ਕਾਨੂੰਨ ਦਾ ਰਾਜ ਸਥਾਪਿਤ ਕੀਤਾ ਜਾਵੇਗਾ। ਗੈਂਗਸਟਰਵਾਦ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਦੁਬਾਰਾ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਦੀ ਪਟੜੀ ਤੇ ਲਿਆਂਦਾ ਜਾਵੇਗਾ।