ਬੁਖਾਰ ਹੋਣ ’ਤੇ ਸਰਕਾਰੀ ਹਸਪਤਾਲਾਂ ’ਚ ਕਰਵਾਓ ਮੁਫ਼ਤ ਜਾਂਚ ਤੇ ਇਲਾਜ : ਡਾ. ਬਲਜੀਤ ਕਮਲ ਬੁਖਾਰ ਹੋਣ 'ਤੇ ਸਰਕਾਰੀ ਹਸਪਤਾਲਾਂ ਵਿਚ ਕਰਵਾਓ ਮੁਫ਼ਤ ਜਾਂਚ ਤੇ ਇਲਾਜ-ਡਾ. ਬਲਜੀਤ ਕਮਲ
Publish Date: Sun, 25 Oct 2026 03:19 PM (IST)
Updated Date: Sun, 25 Oct 2026 03:22 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਖੇਤਰ ਨਵਾਂਸ਼ਹਿਰ ਵਿਚ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਸਰਗਰਮੀਆਂ ਕੀਤੀਆਂ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀਆਂ ਹਦਾਇਤਾਂ ਅਨੁਸਾਰ ਸਿਹਤ ਟੀਮਾਂ ਨੇ ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ, ਲੈਬਾਰਟਰੀਆਂ ਅਤੇ ਮੈਡੀਕਲ ਸਟੋਰਾਂ ਸਮੇਤ ਵੱਖ-ਵੱਖ ਥਾਵਾਂ ’ਤੇ ਜਾ ਕੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਇਸ ਦੌਰਾਨ ਜਿੱਥੇ ਵੀ ਮੱਛਰ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ ਘਰਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ’ਤੇ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਸਮੇਂ ਸਿਰ ਡਾਕਟਰੀ ਸਲਾਹ ਲਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਜਾਂਚ ਅਤੇ ਇਲਾਜ ਸੇਵਾਵਾਂ ਦਾ ਲਾਭ ਲਿਆ ਜਾਵੇ। ਡਾ. ਰਾਕੇਸ਼ ਪਾਲ ਨੇ ਦੱਸਿਆ ਕਿ ਬੁਖਾਰ, ਸਿਰ ਦਰਦ, ਉਲਟੀਆਂ ਜਾਂ ਖੂਨ ਵਗਣ ਵਰਗੇ ਲੱਛਣ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਖ਼ਾਸ ਕਰ ਕੇ ਖੂਨ ਵਗਣ ਜਾਂ ਹੋਰ ਗੰਭੀਰ ਲੱਛਣਾਂ ਦੀ ਸਥਿਤੀ ਵਿੱਚ ਤੁਰੰਤ ਹਸਪਤਾਲ ਪਹੁੰਚਣਾ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਸਾਫ਼ ਖੜ੍ਹੇ ਪਾਣੀ ਵਿਚ ਡੇਂਗੂ ਅਤੇ ਚਿਕਨਗੁਨੀਆ ਫੈਲਾਉਣ ਵਾਲੇ ਮੱਛਰ ਪੈਦਾ ਹੋ ਸਕਦੇ ਹਨ। ਇਸ ਲਈ ਹਰੇਕ ਹਫ਼ਤੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ। ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣਾ ਮੱਛਰਾਂ ਦੀ ਪੈਦਾਵਾਰ ਰੋਕਣ ਦਾ ਅਹਿਮ ਤਰੀਕਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਜੋਗਿੰਦਰ ਪਾਲ ਸਿੰਘ, ਇੰਸੈਕਟ ਕੁਲੈਕਟਰ ਮੰਗਪ੍ਰੀਤ ਸਿੰਘ, ਆਸ਼ਾ ਵਰਕਰਾਂ, ਬ੍ਰੀਡਿੰਗ ਚੈਕਰਾਂ, ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਹੋਰ ਸਟਾਫ਼ ਨੇ ਸਰਗਰਮੀਆਂ ਵਿਚ ਸਹਿਯੋਗ ਦਿੱਤਾ।