ਪਰਵਿੰਦਰ ਸਿੰਘ ਨੂੰ ਇਨਸਾਫ ਦਿਵਾਉਣ ਲਈ ਵਿਧਾਇਕ ਦੀ ਕੋਠੀ ਦਾ ਘਿਰਾਓ 19 ਨੂੰ ਪਰਵਿੰਦਰ ਸਿੰਘ ਨੂੰ ਇਨਸਾਫ ਦਿਵਾਉਣ ਲਈ ਵਿਧਾਇਕ ਦੀ ਕੋਠੀ ਦਾ ਘਿਰਾਓ 19 ਨੂੰ
Publish Date: Sat, 17 Oct 2026 04:50 PM (IST)
Updated Date: Sat, 17 Oct 2026 04:51 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨਵਾਂਸ਼ਹਿਰ ਵਿਖੇ ਅੱਜ ਜਨਤਕ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਲਈ 19 ਅਕਤੂਬਰ ਦਿਨ ਸੋਮਵਾਰ ਨੂੰ ਬੰਗਾ ਹਲਕਾ ਬੰਗਾ ਵਿਧਾਇਕ ਦੀ ਕੋਠੀ ਦਾ ਘਿਰਾਓ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ। ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਮੁਲਾਜਮ ਪੈਨਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਕੁਲਦੀਪ ਸਿੰਘ ਦੌੜਕਾ, ਕੁੱਲ ਹਿੰਦ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੈਕਟਰੀ ਜਸਵਿੰਦਰ ਸਿੰਘ ਭੰਗਲ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਕਮਲਜੀਤ ਸਨਾਵਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਧਰਮਕੋਟ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਨੇ ਪੰਜਾਬ ਵਿਚ ਨਸ਼ਾ ਤਸਕਰੀ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਵੱਲੋਂ ਗੋਲੀਆਂ ਮਾਰ ਕੇ ਝੋਟੇ ਦਾ ਕਤਲ ਕੀਤਾ। ਇਸ ਘਟਨਾ ਦੇ ਰੋਸ ਵਜੋਂ ਲੋਕ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਜਥੇਬੰਦੀਆਂ ਨੇ ਕਤਲ ਕਾਂਡ ਦੀ ਸੀਬੀਆਈ ਜਾਂਚ ਕਰਵਾਉਣ ਅਤੇ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰ ਬੇਖ਼ੌਫ਼ ਹੋ ਕੇ ਕੰਮ ਕਰ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਯਾਦ ਕਰਵਾਇਆ ਕਿ ਭਗਵੰਤ ਮਾਨ ਸਰਕਾਰ ਨੇ ਸੱਤਾ ਵਿਚ ਆਉਣ ਸਮੇਂ ਦੋ ਹਫ਼ਤਿਆਂ ਵਿਚ ਨਸ਼ੇ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਹੁਣ ਤੱਕ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨਾਂ ਅਤੇ ਮੀਟਿੰਗਾਂ ਦੀ ਬਜਾਏ ਜਵਾਬਦੇਹੀ ਤੈਅ ਕਰਨ, ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ਹੈ। ਮੀਟਿੰਗ ਚ ਇਫਟੂ ਦੇ ਸੂਬਾ ਸਕੱਤਰ ਅਵਤਾਰ ਤਾਰੀ, ਗੁਰਦਿਆਲ ਸਿੰਘ ਰੱਕੜ, ਜਮਹੂਰੀ ਕਿਸਾਨ ਯੂਨੀਅਨ ਤੋਂ ਸਤਨਾਮ ਸਿੰਘ ਸੁੱਜੋਂ, ਨਰਿੰਦਰ ਕਾਹਲੀਆ, ਬਲਵੀਰ ਸਿੰਘ ਟਿਵਾਣਾ ਅਤੇ ਸਤਨਾਮ ਸਿੰਘ, ਮਾ. ਗੁਰਦਿਆਲ ਸਿੰਘ. ਅਸ਼ਵਨੀ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ।