ਗੜੇਮਾਰੀ ਅਤੇ ਮੀੰਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ : ਤਾਜੋਵਾਲ
ਗੜੇਮਾਰੀ ਅਤੇ ਮੀੰਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ-ਤਾਜੋਵਾਲ
Publish Date: Fri, 10 Apr 2026 04:55 PM (IST)
Updated Date: Sat, 11 Apr 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਤਹਿਸੀਲ ਬਲਾਚੌਰ ਦੇ ਪ੍ਰਧਾਨ ਅਮਰਜੀਤ ਸਿੰਘ ਏਡੀਬੀ ਤਾਜੋਵਾਲ ਨੇ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਤਬਾਹ ਹੋਈਆਂ ਫ਼ਸਲਾਂ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ।।ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਨੇ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਤੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ ਸਰਕਾਰਾਂ ਦੇ ਰਵੱਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਚਾਹੇ ਮੌਜੂਦਾ ਸਰਕਾਰ ਹੋਵੇ ਜਾਂ ਪਿਛਲੀਆਂ ਸਰਕਾਰਾਂ, ਜਦੋਂ ਵੀ ਕਿਸਾਨਾਂ ਤੇ ਕੋਈ ਕੁਦਰਤੀ ਆਫ਼ਤ ਜਿਵੇਂ ਹੜ੍ਹ ਜਾਂ ਬੇਮੌਸਮੀ ਮੀਂਹ ਪੈਂਦਾ ਹੈ ਤਾਂ ਸਰਕਾਰਾਂ ਸਿਰਫ਼ ਖੋਖਲੇ ਲਾਰਿਆਂ ਨਾਲ ਹੀ ਡੰਗ ਟਪਾਉਂਦੀਆਂ ਹਨ। ਅਸਲ ਵਿਚ ਕਿਸਾਨਾਂ ਦੇ ਹੱਥ ਕੁਝ ਨਹੀਂ ਆਉਂਦਾ। ਕਿਸਾਨ ਆਗੂ ਨੇ ਮੰਗ ਕੀਤੀ ਕਿ ਸਰਕਾਰ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕਰੇ। ਸਰਕਾਰ ਇਸ ਔਖੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜੇ ਤਾਂ ਜੋ ਉਨ੍ਹਾਂ ਨੂੰ ਆਰਥਿਕ ਮੰਦਹਾਲੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਅਖੀਰ ਵਿਚ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।