ਰਾਹੋਂ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ
ਰਾਹੋਂ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Tue, 24 Nov 2026 05:10 PM (IST)
Updated Date: Tue, 24 Nov 2026 05:13 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ ਰਾਹੋਂ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਹੋਂ ਵਿਚ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ। ਨਗਰ ਕੀਰਤਨ ਦੀ ਆਰੰਭਤਾ ਤੇਲੀਆਂ ਘਾਟੀ ਸਥਿਤ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਹੋਈ। ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਕੇਸਰੀ ਨਿਸ਼ਾਨ ਸਾਹਿਬ ਲੈ ਕੇ ਚੱਲ ਰਹੀਆਂ ਸੰਗਤਾਂ ਅਤੇ ਗੁਰੂ ਜਸ ਕਰਦੀਆਂ ਸੰਗਤਾਂ ਨਾਲ ਪੂਰਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਰਾਹੋਂ ਸ਼ਹਿਰ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ਼ਹਿਰ ਦੀਆਂ ਗਲੀਆਂ ਵਿੱਚੋਂ ਲੰਘਦੇ ਨਗਰ ਕੀਰਤਨ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚਾਈ, ਬਰਾਬਰਤਾ, ਸੇਵਾ ਅਤੇ ਆਪਸੀ ਪਿਆਰ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ। ਰਾਹੋਂ ਸ਼ਹਿਰ ਵਿਚ ਸਜਾਏ ਗਏ ਇਸ ਨਗਰ ਕੀਰਤਨ ਨੇ ਧਾਰਮਿਕ ਸ਼ਰਧਾ ਦੇ ਨਾਲ-ਨਾਲ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁੰਦਰ ਸੁਨੇਹਾ ਦਿੱਤਾ।