- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵਾਂਸ਼ਹਿਰ 'ਚ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਕੀਤਾ ਭਰਵਾਂ ਸਵਾਗਤ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਨਵਾਂਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਪੁੱਜਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਤੇ ਕਈ ਵਾਰ ਬਿਖੜੇ ਸਮੇਂ ਆਏ, ਘਲੂਘਾਰਿਆਂ ਦੌਰਾਨ ਹਜ਼ਾਰਾਂ ਸ਼ਹਾਦਤਾਂ ਹੋਈਆਂ ਪਰ ਗੁਰੂ ਨੇ ਕਦੀ ਵੀ ਸਿੱਖ ਦੀ ਪਿੱਠ ਨਹੀਂ ਲੱਗਣ ਦਿੱਤੀ। ਇਨ੍ਹਾਂ ਸਖ਼ਤ ਇਮਤਿਹਾਨਾਂ ਦੇ ਬਾਵਜੂਦ ਸਿੱਖ ਕੌਮ ਨੇ ਕਦੇ ਹੌਸਲਾ ਨਹੀਂ ਹਾਰਿਆ। ਉਨ੍ਹਾਂ ਕਿਹਾ ਕਿ ਦੁਆਬੇ ਦੀ ਧਰਤੀ ’ਤੇ ਜਿੱਥੇ ਗੁਰੂ ਸਾਹਿਬ ਨੇ ਚਰਨ ਪਾਏ ਹਨ, ਉੱਥੇ ਬੱਬਰ ਅਕਾਲੀ ਯੋਧਿਆਂ ਦਾ ਇਤਿਹਾਸ ਵੀ ਇਸ ਦੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਦੁਆਬੇ ਤੋਂ ਬਹੁਤ ਸਾਰੇ ਲੋਕ ਵਿਦੇਸ਼ਾਂ ਵਿਚ ਵਸੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣਾ ਮਾੜਾ ਨਹੀਂ, ਪਰ ਆਪਣੀ ਵਿਰਾਸਤ ਤੇ ਮਿੱਟੀ ਨੂੰ ਪੱਕੇ ਤੌਰ ’ਤੇ ਛੱਡਣਾ ਠੀਕ ਨਹੀਂ ਹੈ। ਉਨ੍ਹਾਂ ਪੰਜਾਬੀਆਂ ਨੂੰ ਆਪਣੀ ਜਾਇਦਾਦ ਨੂੰ ਨਾ ਵੇਚਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਵੀ ਦਰਪੇਸ਼ ਚੁਨੌਤੀਆਂ ਦੇ ਟਾਕਰੇ ਲਈ ਆਪਣੀ ਪੁਰਾਤਨ ਵਿਰਾਸਤ ਤੋਂ ਸੇਧ ਲੈ ਗੁਰੂ ’ਤੇ ਭਰੋਸਾ ਰੱਖਦਿਆਂ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਮਕਸਦ ਹੀ ਕੌਮ ਦੀ ਇਕਜੁੱਟਤਾ ਦਾ ਸੁਨੇਹਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਗ਼ੈਰ ਕਾਨੂੰਨੀ ਹੈ, ਜਿਸ ਦੀ ਸ਼ਰੇਆਮ ਹੋ ਰਹੀ ਵਿਕਰੀ ਸਰਕਾਰ ਲਈ ਵੱਡਾ ਸਵਾਲ ਹੈ। ਖਾਲਸਾ ਮਾਰਚ ਦੌਰਾਨ ਕਈ ਪਰਿਵਾਰ ਮਿਲੇ, ਜਿਨ੍ਹਾਂ ਦੇ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਏ।