ਬੰਗਾ ’ਚ ਮੀਰੀ-ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਬੰਗਾ 'ਚ ਮੀਰੀ-ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ
Publish Date: Fri, 18 Sep 2026 06:14 PM (IST)
Updated Date: Fri, 18 Sep 2026 06:14 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਮੀਰੀ-ਪੀਰੀ ਖਾਲਸਾ ਮਾਰਚ ਦੇ ਪੁੱਜਣ ’ਤੇ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਾਲਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਮਾਰਚ ਦਾ ਸਵਾਗਤ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖੀ ਸਾਡੀ ਪਹਿਚਾਣ ਅਤੇ ਸਾਡੀ ਗੌਰਵਮਈ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੀ ਵਿਰਾਸਤ ਨਾਲ ਜੁੜਨ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ। ਉਨ੍ਹਾਂ ਪੰਜਾਬ ਦੀ ਧਰਤੀ ਅਤੇ ਵਿਰਾਸਤ ਨਾਲ ਜੁੜੇ ਰਹਿਣ ਦਾ ਵੀ ਸੰਦੇਸ਼ ਦਿੱਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਅਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਿਦੇਸ਼ ਜਾਣ ਦੀ ਦੌੜ ਵਿਚ ਆਪਣੀਆਂ ਜੜ੍ਹਾਂ, ਆਪਣੀ ਧਰਤੀ ਅਤੇ ਵਿਰਾਸਤ ਤੋਂ ਦੂਰ ਨਾ ਹੋਣ ਅਤੇ ਸਿੱਖੀ ਨਾਲ ਆਪਣਾ ਨਾਤਾ ਮਜ਼ਬੂਤ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰਮਤਿ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਲਜ ਦੇ ਗੁਰਸਿੱਖ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਸਨਮਾਨ ਨਾਲ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਹੋਈ ਅਤੇ ਹੋਰ ਨੌਜਵਾਨਾਂ ਨੂੰ ਵੀ ਸਿੱਖੀ ਨਾਲ ਜੁੜਨ ਲਈ ਪ੍ਰੇਰਨਾ ਮਿਲੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਕਾਲਜ ਵਿਖੇ ਪੁੱਜਣਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਲਈ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਉਪਰਾਲੇ ਨੌਜਵਾਨਾਂ ਨੂੰ ਆਪਣੀ ਗੌਰਵਮਈ ਸਿੱਖ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਗੁਰਮਤਿ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਖਾਲਸਾ ਮਾਰਚ ਦੇ ਪ੍ਰਬੰਧਕਾਂ ਅਤੇ ਸੰਗਤ ਦਾ ਕਾਲਜ ਵਿਖੇ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।