ਕਾਠਗੜ੍ਹ ਦੇ 3 ਪਿੰਡਾਂ ਨੂੰ 13 ਲੱਖ ਦੀਆਂ ਗ੍ਰਾਂਟਾਂ ਦਿੱਤੀਆਂ : ਕਟਾਰੀਆ ਕਾਠਗੜ੍ਹ ਦੇ ਆਸ ਪਿੰਡਾਂ ਨੂੰ 13 ਲੱਖ ਦੀਆਂ ਗ੍ਰਾਂਟਾਂ ਦਿੱਤੀਆਂ-ਕਟਾਰੀਆ
Publish Date: Fri, 04 Sep 2026 06:40 PM (IST)
Updated Date: Fri, 04 Sep 2026 06:43 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਖੇਤਰਾਂ ਦੀ ਨੁਹਾਰ ਬਦਲਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਖੇਤਰ ਦੇ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੁੱਲ 13 ਲੱਖ ਰੁਪਏ ਦੀਆਂ ਵਿਸ਼ੇਸ਼ ਵਿਕਾਸ ਗ੍ਰਾਂਟਾਂ ਦੇ ਚੈੱਕ ਵੰਡੇ। ਉਨ੍ਹਾਂ ਪਿੰਡ ਏਡੀਬੀ ਬੇਲਾ ਤਾਜੋਵਾਲ ਨੂੰ 4 ਲੱਖ ਰੁਪਏ, ਪਿੰਡ ਰਾਏਪੁਰ ਮਾਜਰਾ ਨੂੰ 4 ਲੱਖ ਰੁਪਏ, ਪਿੰਡ ਮਾਜਰਾ ਜੱਟਾਂ ਨੂੰ 5 ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਿਨਾਂ ਕਿਸੇ ਰਾਜਨੀਤਕ ਭੇਦਭਾਵ ਦੇ ਹਰ ਪਿੰਡ ਤੱਕ ਵਿਕਾਸ ਦੀ ਰੋਸ਼ਨੀ ਪਹੁੰਚਾ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਗ੍ਰਾਂਟ ਨਾਲ ਪਿੰਡਾਂ ਦੀਆਂ ਕੱਚੀਆਂ ਜਾਂ ਖਰਾਬ ਗਲੀਆਂ, ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਅਤੇ ਨਵੀਨੀਕਰਨ ਕਰ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰ ਘਰ ਤੱਕ ਪੀਣ ਵਾਲੇ ਸਾਫ਼ ਪਾਣੀ ਦੀ ਸੁਚੱਜੀ ਸਪਲਾਈ ਯਕੀਨੀ ਬਣਾਈ ਜਾਵੇਗੀ। ਪੁਰਾਣੇ ਸਰਕਾਰੀ ਤੇ ਜਨਤਕ ਢਾਂਚੇ ਦੀ ਸਮੇਂ ਸਿਰ ਮੁਰੰਮਤ ਕੀਤੀ ਜਾਵੇਗੀ। ਸਮਾਗਮ ਦੌਰਾਨ ਵਿਧਾਇਕਾ ਨੇ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮ ਪਰਿਵਾਰਾਂ ਨੂੰ ਵਿੱਤੀ ਰਾਹਤ ਦੇਣ ਲਈ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਬਹੁਤੇ ਘਰਾਂ ਦੇ ਬਿਲ ਜ਼ੀਰੋ ਆ ਰਹੇ ਹਨ। ਸਿਹਤ ਖੇਤਰ ਵਿਚ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਤੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕ ਕੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਵੀ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਪੇਂਡੂ ਖੇਤਰ ਵੀ ਤੇਜ਼ੀ ਨਾਲ ਤਰੱਕੀ ਦੀ ਲੀਹ ’ਤੇ ਅੱਗੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕਾ ਵੱਲੋਂ ਹਲਕੇ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ, ਜਿਸ ਨਾਲ ਪੂਰੇ ਇਲਾਕੇ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਪਿੰਡਾਂ ਦੇ ਪੰਚਾਇਤ ਮੈਂਬਰ, ਵੱਡੀ ਗਿਣਤੀ ਵਿਚ ਪਿੰਡ ਵਾਸੀ, ਆਪ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।