ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਡੀਸੀ
ਗੁਲਪ੍ਰੀਤ ਸਿੰਘ ਔਲਖ ਨੇ ਸੰਭਾਲਿਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ
Publish Date: Thu, 22 Jan 2026 05:16 PM (IST)
Updated Date: Fri, 23 Jan 2026 04:07 AM (IST)

ਗੁਲਪ੍ਰੀਤ ਸਿੰਘ ਔਲਖ ਨੇ ਸੰਭਾਲਿਆ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : 2015 ਬੈਚ ਦੇ ਆਈਏਐੱਸ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਐਡੀਸ਼ਨਲ ਰਜਿਸਟਰਾਰ ਸਹਿਕਾਰਤਾ ਵਿਭਾਗ ਐੱਮਡੀ ਪੰਜਾਬ ਸਟੇਟ ਸਹਿਕਾਰੀ ਬੈਂਕ ਤੇ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਵਜੋਂ ਵੀ ਬਿਹਤਰੀਨ ਸੇਵਾਵਾਂ ਨਿਭਾਅ ਚੁੱਕੇ ਹਨ। ਗੁਲਪ੍ਰੀਤ ਸਿੰਘ ਔਲਖ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨਾਲ ਜੁੜੇ ਇਸ ਜ਼ਿਲ੍ਹੇ ’ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਇਕ ਟੀਮ ਦੀ ਤਰ੍ਹਾਂ ਰਲ-ਮਿਲ ਕੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ’ਚ ਬੁਲੰਦੀਆਂ ਤੇ ਪਹੁੰਚਾਉਣਾ ਉਨਾਂ ਦੀ ਮੁੱਖ ਤਰਜੀਹ ਹੋਵੇਗੀ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਨਾਂ ਦੇ ਘਰ ਤੱਕ ਸਰਲ ਤਰੀਕੇ ਨਾਲ ਪੁੱਜਦਾ ਕਰਨ ਤੇ ਧਿਆਨ ਕੇਂਦਰਿਤ ਹੋਵੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਸ਼ਾਨਦਾਰ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐੱਸਡੀਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐੱਸਡੀਐਮ ਬਲਾਚੌਰ ਕ੍ਰਿਤਿਕਾ ਗੋਇਲ, ਐੱਸਡੀਐਮ ਵਿਪਿਨ ਭੰਡਾਰੀ, ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ, ਸਹਾਇਕ ਕਮਿਸ਼ਨਰ ਜਗਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ।