ਪਰਗਟ ਸਿੰਘ ਨੂੰ ਕਾਂਗਰਸ ਦੀ ਕਮਾਨ ਸੌਂਪਣਾ ਹਾਈਕਮਾਂਡ ਦਾ ਸ਼ਲਾਘਾਯੋਗ ਫੈਸਲਾ : ਸੁਦੇਸ਼ ਕੁਮਾਰ ਪ੍ਰਗਟ ਸਿੰਘ ਨੂੰ ਕਾਂਗਰਸ ਦੀ ਕਮਾਨ ਸੌਂਪਣਾ ਹਾਈ ਕਮਾਂਡ ਦਾ ਸ਼ਲਾਘਾਯੋਗ ਫੈਸਲਾ-ਸੁਦੇਸ਼ ਕੁਮਾਰ
Publish Date: Tue, 06 Oct 2026 06:44 PM (IST)
Updated Date: Tue, 06 Oct 2026 06:47 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਪਾਰਟੀ ਦੀ ਕਮਾਨ ਸੌਂਪਣਾ ਕਾਂਗਰਸ ਹਾਈਕਮਾਂਡ ਦਾ ਇਕ ਵਧੀਆ ਅਤੇ ਦੂਰਅੰਦੇਸ਼ੀ ਫੈਸਲਾ ਹੈ। ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਵਿਚ ਸਰਕਾਰ ਬਣਾਏਗੀ। ਇਹ ਵਿਚਾਰ ਸਾਬਕਾ ਡੀਜੀਪੀ ਸੁਦੇਸ਼ ਕੁਮਾਰ ਨੇ ਬੰਗਾ ਵਿਖੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਉਹ ਬੰਗਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਨੁੱਕੜ ਮੀਟਿੰਗਾਂ ਰਾਹੀਂ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਮਿਲ ਰਿਹਾ ਹੁੰਗਾਰਾ ਅਤੇ ਪਾਰਟੀ ਵਰਕਰਾਂ ਵਿਚ ਦਿਖਾਈ ਦੇ ਰਿਹਾ ਉਤਸ਼ਾਹ ਕਾਂਗਰਸ ਲਈ ਇੱਕ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲਗਾਤਾਰ ਉਠਾਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਅਤੇ ਕਾਰਗੁਜ਼ਾਰੀ ਨਾਲ ਸਬੰਧਿਤ ਮੁੱਦਿਆਂ ਨੂੰ ਲੋਕਾਂ ਦੇ ਸਾਹਮਣੇ ਲਿਆਉਣ ਲਈ ਸਰਗਰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣਾ ਫੈਸਲਾ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਇਸੇ ਮਕਸਦ ਤਹਿਤ ਬੰਗਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ ਨੂੰ ਇਕਜੁੱਟ ਹੋ ਕੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਇੱਕਜੁੱਟ ਹੋ ਕੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਮੈਦਾਨ ਵਿਚ ਉਤਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਨੂੰ ਮੁੜ ਸੇਵਾ ਦਾ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਬੰਗਾ ਹਲਕੇ ਵਿਚ ਵੀ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ, ਬਲਾਕ ਕਾਂਗਰਸ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ, ਧਰਮਪਾਲ ਬੈਂਸ ਸਾਬਕਾ ਸਰਪੰਚ, ਜਸਪਾਲ ਨੰਬਰਦਾਰ, ਸੁਰਜੀਤ ਲਾਲ ਮੰਡਲ ਪ੍ਰਧਾਨ, ਕੁਲਵਿੰਦਰ ਸਿੰਘ ਪੰਚ, ਤੀਰਥ ਸਿੰਘ ਮੇਹਲੀਆਣਾ, ਯਗੇਸ਼ ਕੁਮਾਰ ਬਿੱਟੂ ਘੁੰਮਣਾ, ਜੋਗਾ ਪਹਿਲਵਾਨ ਮਾਂਗਟ, ਰੋਸ਼ਨ ਲਾਲ, ਗੁਰਵਿੰਦਰ ਸਿੰਘ ਘੁੰਮਣ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ।