- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਰਮਿਕ ਪ੍ਰੀਖਿਆ 'ਚ ਹੈਪੀ ਮਾਡਲ ਸਕੂਲ ਨੇ ਮਾਰੀ ਬਾਜ਼ੀ

ਗੌਰਵ ਗਾਬਾ, ਪੰਜਾਬੀ ਜਾਗਰਣ
ਰਾਹੋਂ : ਹੈਪੀ ਮਾਡਲ ਹਾਈ ਸਕੂਲ ’ਚ ਵਿਦਿਆਰਥੀਆਂ ਨੂੰ ਸਿੱਖ ਧਰਮ, ਗੁਰਬਾਣੀ ਅਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈ ਧਾਰਮਿਕ ਪ੍ਰੀਖਿਆ ਦੇ ਸਫਲ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਸਿੱਖ ਮਿਸ਼ਨਰੀ ਕਾਲਜ ਵੱਲੋਂ 25 ਅਕਤੂਬਰ 2025 ਨੂੰ ਲਈ ਗਈ ਇਸ ਧਾਰਮਿਕ ਪ੍ਰੀਖਿਆ ਵਿਚ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਕਈ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰ ਕੇ ਸਫਲਤਾ ਹਾਸਲ ਕੀਤੀ। ਸਫਲ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਨ ਲਈ ਸੇਵਾ ਸਿੰਘ ਅਤੇ ਗੁਰਮੁਖ ਸਿੰਘ ਵਿਸ਼ੇਸ਼ ਤੌਰ 'ਤੇ ਸਕੂਲ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖ ਧਰਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੱਚਿਆਂ ਦਾ ਪੜ੍ਹਾਈ ਦੇ ਨਾਲ-ਨਾਲ ਆਪਣੇ ਧਰਮ, ਵਿਰਸੇ ਅਤੇ ਗੁਰਬਾਣੀ ਨਾਲ ਜੁੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਸਾਰੇ ਬੱਚਿਆਂ ਨੂੰ ਜੀਵਨ ਵਿਚ ਸਫਲਤਾ, ਉੱਚੇ ਉਦੇਸ਼ ਅਤੇ ਚੜ੍ਹਦੀ ਕਲਾ ਬਖਸ਼ਣ। ਸਕੂਲ ਦੇ ਐੱਮਡੀ ਜਗੀਰ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ। ਜਗੀਰ ਸਿੰਘ ਨੇ ਵਿਦਿਆਰਥੀਆਂ ਨੂੰ ਧਰਮ ਨਾਲ ਜੁੜ ਕੇ ਜੀਵਨ ਵਿਚ ਮਿਹਨਤ, ਲਗਨ ਅਤੇ ਅਨੁਸ਼ਾਸਨ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਅਸਲ ਤਰੱਕੀ ਉਸ ਸਮੇਂ ਹੁੰਦੀ ਹੈ ਜਦੋਂ ਉਹ ਆਧੁਨਿਕ ਸਿੱਖਿਆ ਦੇ ਨਾਲ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਵੀ ਜੁੜੇ ਰਹਿਣ। ਸਕੂਲ ਦੀ ਪ੍ਰਿੰ. ਰਣਜੀਤ ਕੌਰ ਨੇ ਧਾਰਮਿਕ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰ ਕੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਫਲ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਵਿਚ ਸਰਟੀਫਿਕੇਟ ਪ੍ਰਾਪਤ ਕਰਨ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਪ੍ਰਬੰਧਕਾਂ ਵੱਲੋਂ ਇਸ ਉਪਰਾਲੇ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵ ਪੂਰਨ ਕਦਮ ਦੱਸਿਆ। ਇਸ ਮੌਕੇ ਨਰੇਸ਼ ਕੁਮਾਰੀ, ਕਾਂਤਾ ਰਾਣੀ, ਰਵਿੰਦਰ ਮਾਨ, ਕੁਲਵਿੰਦਰ, ਰਮਨ, ਹਰਪ੍ਰੀਤ, ਰਜਨੀ, ਮਨੀਸ਼ਾ ਆਦਿ ਹਾਜ਼ਰ ਸਨ।