- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਜਾਂਚ ਅਤੇ ਸਹੀ ਜੀਵਨਸ਼ੈਲੀ ਬਜ਼ੁਰਗਾਂ ਦੀ ਜੀਵਨ-ਗੁਣਵੱਤਾ ਸੁਧਾਰਨ ਵਿੱਚ ਮਦਦਗਾਰ-ਡਾ. ਅਜੇ ਬਸਰਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਅਮਨ ਸੂਦ ਦੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਤੇ ਇਲਾਜ ਲਈ ਮਾਰਗਦਰਸ਼ਨ ਦੇਣਾ ਸੀ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਦਵਿੰਦਰ ਢਾਂਡਾ, ਡਾ. ਸਵਰਨਜੀਤ ਕੁਲਾਰ, ਅਪਥਾਲਮਿਕ ਅਫ਼ਸਰ ਦੀਪਕ ਸ਼ਰਮਾ ਵੱਲੋਂ ਕੁੱਲ 31 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਜਦਕਿ 28 ਮਰੀਜ਼ਾਂ ਨੂੰ ਐਨਕਾਂ ਵੰਡੀਆਂ। ਜਾਂਚ ਦੌਰਾਨ ਮੌਤੀਆ ਬਿੰਦ ਦੇ 2 ਮਰੀਜ਼ਾਂ ਦੀ ਪਛਾਣ ਵੀ ਕੀਤੀ, ਜਿਨ੍ਹਾਂ ਨੂੰ ਅਗਲੇਰੇ ਇਲਾਜ ਲਈ ਰੈਫਰ ਕਰ ਦਿੱਤਾ। ਸੀਨੀਅਰ ਸਿਟੀਜ਼ਨਾਂ ਦੀਆਂ ਵੱਖ-ਵੱਖ ਸਿਹਤ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਕੈਂਪ ਵਿੱਚ ਡਿਮੈਂਸ਼ੀਆ ਸਕ੍ਰੀਨਿੰਗ, ਗੈਰ-ਸੰਚਾਰੀ ਬਿਮਾਰੀਆਂ (ਐੱਨਸੀਡੀ) ਦੀ ਸਕ੍ਰੀਨਿੰਗ, ਹੱਡੀਆਂ ਅਤੇ ਜੋੜਾਂ ਦੀ ਜਾਂਚ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਾਨਸਿਕ ਸਿਹਤ ਸਬੰਧੀ ਮੁਲਾਂਕਣ ਵਰਗੀਆਂ ਸੇਵਾਵਾਂ ਦਾ ਪ੍ਰਬੰਧ ਕੀਤਾ।
ਇਨ੍ਹਾਂ ਸੇਵਾਵਾਂ ਦਾ ਉਦੇਸ਼ ਬਜ਼ੁਰਗਾਂ ਦੀਆਂ ਸਿਹਤ ਸਮੱਸਿਆਵਾਂ ਦੀ ਸ਼ੁਰੂਆਤੀ ਪੜਾਅ ’ਤੇ ਪਛਾਣ ਕਰਕੇ ਉਨ੍ਹਾਂ ਨੂੰ ਢੁੱਕਵੀਂ ਸਿਹਤ ਸੰਭਾਲ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਕੁਮਾਰ ਬਸਰਾ ਨੇ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਨਿਯਮਤ ਸਿਹਤ ਜਾਂਚ ਕਰਵਾਉਣ ਨਾਲ ਸਿਹਤ ਸਬੰਧੀ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕੀਤੀ ਜਾ ਸਕਦੀ ਹੈ ਅਤੇ ਲੋੜ ਅਨੁਸਾਰ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਵਿਚ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਦੀਆਂ ਸਮੱਸਿਆਵਾਂ, ਹੱਡੀਆਂ ਅਤੇ ਜੋੜਾਂ ਦੇ ਰੋਗਾਂ ਅਤੇ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਮਹੱਤਵਪੂਰਨ ਹੈ। ਨਿਯਮਤ ਸਿਹਤ ਜਾਂਚ, ਢੁੱਕਵਾਂ ਇਲਾਜ ਅਤੇ ਸਿਹਤਮੰਦ ਜੀਵਨਸ਼ੈਲੀ ਬਜ਼ੁਰਗਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗ ਪਰਿਵਾਰਕ ਮੈਂਬਰਾਂ ਦੀ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣ ਅਤੇ ਨਿਯਮਤ ਸਿਹਤ ਜਾਂਚ ਨੂੰ ਤਰਜੀਹ ਦੇਣ। ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।