ਪ੍ਰਦੀਪ ਭਨੋਟ, ਨਵਾਂਸ਼ਹਿਰ : ਜ਼ਿਲ੍ਹਾ ਸਿਹਤ ਵਿਭਾਗ ਸੁਰੱਖਿਅਤ ਤੇ ਗੁਣਵੱਤਾਪੂਰਨ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਿਹਾ ਹੈ। ਇਸੇ ਕੜੀ ਤਹਿਤ 'ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਤਵ ਅਭਿਆਨ' ਤਹਿਤ ਹਾਈਰਿਸਕ ਗਰਭਵਤੀ ਅੌਰਤਾਂ ਦੇ ਉੱਚਿਤ ਇਲਾਜ ਪ੍ਰਬੰਧਨ 'ਤੇ ਵਧੇਰੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਦੇਸ਼ 'ਚ ਹਰ ਸਾਲ ਅੰਦਾਜਨ 30 ਹਜ਼ਾਰ ਗਰਭਵਤੀ ਅੌਰਤਾਂ ਦੀ ਮੌਤ ਹੋ ਜਾਂਦੀ ਹੈ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੇਕਰ ਗਰਭਵਤੀ ਅੌਰਤਾਂ ਖਾਸ ਕਰਕੇ ਹਾਈਰਿਸਕ ਅੌਰਤਾਂ ਦੀ ਸਮੇਂ-ਸਮੇਂ 'ਤੇ ਰੈਗੂਲਰ ਸਿਹਤ ਜਾਂਚ ਕੀਤੀ ਜਾਵੇ ਤਾਂ ਗਰਭ ਅਵਸਥਾ ਦੀਆਂ ਸਮੱਸਿਆਵਾਂ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨਾਂ੍ਹ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਹੈਲਥ ਬਲਾਕਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ (ਪੀਐੱਮਐੱਸਐੱਮਏ) ਤਹਿਤ ਗਰਭਵਤੀ ਅੌਰਤਾਂ ਦੀ ਜਾਂਚ ਕਰਨ ਤੋਂ ਇਲਾਵਾ ਆਇਰਨ ਤੇ ਕੈਲਸ਼ੀਅਮ ਦੀਆਂ ਗੋਲੀਆਂ ਦੇ ਕੇ ਅੌਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਪੀਐੱਚਸੀ ਮੁਜ਼ੱਫਰਪੁਰ ਡਾ. ਗੀਤਾਂਜਲੀ ਸਿੰਘ, ਡਾ. ਜਸਵਿੰਦਰ ਕੌਰ, ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਮਨਿੰਦਰ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

--ਮੌਤ ਦਰ 'ਚ ਕਮੀ ਲਿਆਉਣ ਲਈ ਅਹਿਮ ਭੂਮਿਕਾ ਨਿਭਾਈ

ਡਾ. ਢਾਂਡਾ ਨੇ ਦੱਸਿਆ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ 'ਚ ਕਮੀ ਲਿਆਉਣ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਅਭਿਆਨ ਦੇਸ਼ ਭਰ ਅੰਦਰ 9 ਜੂਨ 2016 ਨੂੰ ਸ਼ੁਰੂ ਕੀਤਾ ਗਿਆ ਸੀ। ਜਿਸ ਤਹਿਤ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸੰਸਥਾਵਾਂ ਵਿਖੇ ਮਹੀਨੇ ਦੀ ਹਰ 9 ਤਰੀਕ ਨੂੰ ਵਿਸ਼ੇਸ਼ ਤੌਰ 'ਤੇ ਹਾਈਰਿਸਕ ਗਰਭਵਤੀ ਅੌਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਸਿਹਤ ਵਿਭਾਗ ਵੱਲੋਂ ਲੋੜਵੰਦ ਅਤੇ ਗਰਭਵਤੀ ਅੌਰਤਾਂ ਦੀ ਸੁਰੱਖਿਆ ਲਈ ਸ਼ੁਰੂ ਕੀਤੇ ਗਏ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਤਵ ਅਭਿਆਨ ਜ਼ਿਲ੍ਹੇ ਦੀਆਂ ਲੋੜਵੰਦ ਗਰਭਵਤੀ ਅੌਰਤਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਪੋ੍ਗਰਾਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਵੱਡੀ ਗਿਣਤੀ 'ਚ ਗਰਭਵਤੀ ਅੌਰਤਾਂ ਵੱਲੋਂ ਲਾਭ ਉਠਾਇਆ ਜਾ ਚੁੱਕਿਆ ਹੈ।

-ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਵਾਓ

ਉਨਾਂ੍ਹ ਨੇ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਗਰਭਵਤੀ ਅੌਰਤਾਂ ਅਤੇ ਬੱਚਿਆਂ ਦੀ ਹਿਫਾਜਤ ਅਤੇ ਸਲਾਮਤੀ ਲਈ ਗਰਭਵਤੀ ਅੌਰਤਾਂ ਨੂੰ ਜਾਗਰੂਕ ਕਰਦੇ ਸਿਵਲ ਸਰਜਨ ਨੇ ਕਿਹਾ ਕਿ ਕਦੇ ਵੀ ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਅੌਰਤ ਅਤੇ ਬੱਚੇ ਦੋਵਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਹਰੇਕ ਜਣੇਪੇ ਸਮੇਂ ਇਕ ਸਿੱਖਿਅਤ ਹੈਲਥ ਕੇਅਰ ਮਾਹਰ ਦਾ ਮੌਜੂਦ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ।