ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ
Publish Date: Thu, 29 Oct 2026 04:37 PM (IST)
Updated Date: Thu, 29 Oct 2026 04:40 PM (IST)
ਹਲਵਾਈਆਂ ਨੂੰ ਸਾਫ਼-ਸਫ਼ਾਈ ਅਤੇ ਖਾਧ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸ਼ੁੱਧ, ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਹੈ। ਮਾਣਯੋਗ ਕਮਿਸ਼ਨਰ ਫੂਡ ਸੇਫਟੀ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਬਲਾਚੌਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਖਾਧ ਪਦਾਰਥਾਂ ਦੀਆਂ ਦੁਕਾਨਾਂ ਅਤੇ ਹਲਵਾਈਆਂ ਦੀਆਂ ਵਰਕਸ਼ਾਪਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਰੱਤੇਵਾਲ, ਕਾਠਗੜ੍ਹ ਅਤੇ ਹੋਰ ਇਲਾਕਿਆਂ ਵਿਚ ਮਠਿਆਈਆਂ ਦੀਆਂ ਦੁਕਾਨਾਂ ਤੋਂ ਬੇਸਣ, ਬਰਫ਼ੀ, ਦੁੱਧ, ਗੁਲਾਬ ਜਾਮੁਨ, ਰਸਗੁੱਲੇ, ਖੋਆ, ਫੇਣੀਆਂ ਅਤੇ ਪਤੀਸੇ ਦੇ ਸੈਂਪਲ ਲਏ ਗਏ। ਇਸ ਤੋਂ ਇਲਾਵਾ ਮਠਿਆਈਆਂ ਤਿਆਰ ਕਰਨ ਵਾਲੀਆਂ ਵਰਕਸ਼ਾਪਾਂ ਵਿਚ ਸਫ਼ਾਈ ਅਤੇ ਖਾਧ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।ਜਾਂਚ ਦੌਰਾਨ ਵਰਕਸ਼ਾਪਾਂ ਵਿਚ ਪਾਈਆਂ ਗਈਆਂ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਦੁਕਾਨਦਾਰਾਂ ਅਤੇ ਹਲਵਾਈਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ। ਉਨ੍ਹਾਂ ਨੂੰ ਕੰਮ ਵਾਲੀਆਂ ਥਾਵਾਂ, ਉਪਕਰਨਾਂ ਅਤੇ ਮਠਿਆਈਆਂ ਤਿਆਰ ਕਰਨ ਵਾਲੇ ਖੇਤਰਾਂ ਵਿੱਚ ਪੂਰੀ ਸਫ਼ਾਈ ਰੱਖਣ, ਕਰਮਚਾਰੀਆਂ ਵੱਲੋਂ ਦਸਤਾਨੇ, ਸਿਰ ਢਕਣ ਲਈ ਕੈਪ ਅਤੇ ਐਪਰਨ ਦੀ ਵਰਤੋਂ ਯਕੀਨੀ ਬਣਾਉਣ ਅਤੇ ਦੁੱਧ, ਖੋਆ, ਪਨੀਰ ਸਮੇਤ ਹੋਰ ਕੱਚਾ ਮਾਲ ਲਾਇਸੰਸਸ਼ੁਦਾ ਵਿਕਰੇਤਾਵਾਂ ਤੋਂ ਹੀ ਖਰੀਦਣ ਲਈ ਕਿਹਾ। ਮਠਿਆਈਆਂ ਵਿਚ ਵਰਤੇ ਜਾਣ ਵਾਲੇ ਰੰਗ ਸਿਰਫ਼ ਮਨਜ਼ੂਰਸ਼ੁਦਾ ਖਾਧ ਰੰਗ ਹੀ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਵਰਤੋਂ ਨਿਰਧਾਰਤ ਹੱਦਾਂ ਅਨੁਸਾਰ ਕੀਤੀ ਜਾਵੇ। ਇਸੇ ਤਰ੍ਹਾਂ ਚਾਂਦੀ ਦਾ ਵਰਕ ਵੀ ਖਾਧ ਸੁਰੱਖਿਆ ਦੇ ਲਾਗੂ ਮਾਪਦੰਡਾਂ ਅਨੁਸਾਰ ਹੋਣਾ ਲਾਜ਼ਮੀ ਹੈ। ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਖਾਧ ਪਦਾਰਥਾਂ ਦੀ ਤਿਆਰੀ, ਸਟੋਰੇਜ ਅਤੇ ਵਿਕਰੀ ਦੌਰਾਨ ਸਾਰੇ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਮੰਗ ਵਧਣ ਕਾਰਨ ਉਨ੍ਹਾਂ ਦੀ ਗੁਣਵੱਤਾ ਅਤੇ ਸ਼ੁੱਧਤਾ ਯਕੀਨੀ ਬਣਾਉਣਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਫੂਡ ਸੇਫਟੀ ਵਿਭਾਗ ਤੇ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਅਤੇ ਹਲਵਾਈਆਂ ਨੂੰ ਕਿਹਾ ਕਿ ਉਹ ਵੱਧ ਮੁਨਾਫ਼ੇ ਦੀ ਬਜਾਏ ਲੋਕਾਂ ਦੀ ਸਿਹਤ ਨੂੰ ਪਹਿਲ ਦੇਣ ਅਤੇ ਖਾਧ ਸੁਰੱਖਿਆ ਮਾਪਦੰਡਾਂ ਦੀ ਇਮਾਨਦਾਰੀ ਨਾਲ ਪਾਲਣਾ ਕਰਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮਠਿਆਈਆਂ ਅਤੇ ਹੋਰ ਖਾਧ ਪਦਾਰਥ ਭਰੋਸੇਯੋਗ ਦੁਕਾਨਾਂ ਤੋਂ ਖਰੀਦਣ, ਪੈਕ ਕੀਤੇ ਉਤਪਾਦਾਂ ਤੇ ਲੇਬਲ ਅਤੇ ਮਿਆਦ ਦੀ ਜਾਂਚ ਕਰਨ ਅਤੇ ਕਿਸੇ ਵੀ ਖਾਧ ਪਦਾਰਥ ਦੀ ਗੁਣਵੱਤਾ ਸਬੰਧੀ ਸ਼ੱਕ ਹੋਣ ਤੇ ਫੂਡ ਸੇਫਟੀ ਵਿਭਾਗ ਨੂੰ ਸੂਚਿਤ ਕਰਨ। ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਜਾਂਚ ਮੁਹਿੰਮ ਵਿੱਚ ਫੂਡ ਸੇਫਟੀ ਅਫ਼ਸਰ ਬਿਕਰਮਜੀਤ ਸਿੰਘ ਅਤੇ ਦਿਨੇਸ਼ਜੋਤ ਸਿੰਘ ਵਾਲੀਆ ਵੀ ਸ਼ਾਮਲ ਸਨ।