ਬੰਗਾ ਹਲਕੇ ਦੀ ਟਿਕਟ ਦਾ ਜਲਦੀ ਐਲਾਨ ਕਰੇ ਹਾਈਕਮਾਂਡ : ਸੁਦੇਸ਼ ਕੁਮਾਰ ਬੰਗਾ ਹਲਕੇ ਦੀ ਟਿਕਟ ਦਾ ਜਲਦੀ ਐਲਾਨ ਕਰੇ ਹਾਈਕਮਾਂਡ-ਸਾਬਕਾ ਡੀਜੀਪੀ ਸੁਦੇਸ਼ ਕੁਮਾਰ
Publish Date: Wed, 25 Nov 2026 04:22 PM (IST)
Updated Date: Wed, 25 Nov 2026 04:25 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਡੀਜੀਪੀ ਸੁਦੇਸ਼ ਕੁਮਾਰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਮੀਟਿੰਗਾਂ ਦੌਰਾਨ ਉਹ ਆਪਣੇ ਪ੍ਰਸ਼ਾਸਨਿਕ ਤਜਰਬੇ, ਰਾਜਨੀਤੀ ਵਿਚ ਆਉਣ ਦੇ ਮਕਸਦ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਬਾਰੇ ਖੁੱਲ੍ਹ ਕੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਪਾਰਟੀ ਦੀ ਟਿਕਟ ਤੇ ਵਿਧਾਨ ਸਭਾ ਹਲਕਾ ਬੰਗਾ ਤੋਂ ਚੋਣ ਲੜਨ ਦੇ ਚਾਹਵਾਨ ਹਨ। ਆਪਣੇ ਲੰਬੇ ਪ੍ਰਸ਼ਾਸਨਿਕ ਤਜਰਬੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਦਾ ਮਕਸਦ ਆਪਣੇ ਤਜਰਬੇ ਅਤੇ ਸਮਰੱਥਾ ਨੂੰ ਸਮਾਜ ਦੀ ਸੇਵਾ ਅਤੇ ਲੋਕਾਂ ਦੀ ਭਲਾਈ ਲਈ ਵਰਤਣਾ ਹੈ। ਇਸੇ ਸੋਚ ਤਹਿਤ ਉਨ੍ਹਾਂ ਰਾਜਨੀਤੀ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਹਾਈ ਕਮਾਂਡ ਉਨ੍ਹਾਂ ਨੂੰ ਬੰਗਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਨ ਦਾ ਮੌਕਾ ਦਿੰਦੀ ਹੈ। ਤਾਂ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਦਾ ਉਦੇਸ਼ ਆਪਣੇ ਪ੍ਰਸ਼ਾਸਨਿਕ ਤਜਰਬੇ ਨੂੰ ਬੰਗਾ ਹਲਕੇ ਦੇ ਵਿਕਾਸ ਦੇ ਨਾਲ-ਨਾਲ ਸਮੁੱਚੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਰਤਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਫੋਨ ਕਾਲਾਂ ਆ ਰਹੀਆਂ ਹਨ। ਡਰ ਅਤੇ ਸਹਿਮ ਦੇ ਮਾਹੌਲ ਕਾਰਨ ਕਈ ਕਾਰੋਬਾਰੀ ਫਿਰੌਤੀ ਦੇਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤ ਵਿਚੋਂ ਬਾਹਰ ਕੱਢਣ ਲਈ ਸੂਬੇ ਵਿਚ ਸਰਕਾਰ ਬਦਲਣੀ ਬਹੁਤ ਜ਼ਰੂਰੀ ਹੈ। ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ। ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ, ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰੇ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇ ਅਤੇ ਵਪਾਰੀਆਂ ਸਮੇਤ ਹਰ ਵਰਗ ਨੂੰ ਸੁਰੱਖਿਅਤ ਮਾਹੌਲ ਦੇਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਮੁੜ ਖੁਸ਼ਹਾਲੀ, ਵਿਕਾਸ ਅਤੇ ਤਰੱਕੀ ਦੇ ਰਾਹ ਤੇ ਅੱਗੇ ਲਿਜਾਣ ਲਈ ਕੰਮ ਕਰ ਸਕਦੀ ਹੈ। ਇਸ ਮੌਕੇ ਰਣਜੀਤ ਸਿੰਘ ਪੂੰਨੀ, ਰਕੇਸ਼ ਕੁਮਾਰ, ਪ੍ਰੇਮ ਨਾਥ, ਸੀਤਲ ਲਾਲ, ਸੋਹਣ ਰਾਮ, ਬੇਅੰਤ ਰਾਮ, ਨੰਜੂ ਰਾਮ, ਅਜੈਬ ਚੰਦ, ਮਾਧੋ ਰਾਮ, ਸੁਖਵਿੰਦਰ, ਅਮਰਜੀਤ, ਲੇਖ ਰਾਜ, ਹੰਸ ਰਾਜ, ਵਿਜੇ ਕੁਮਾਰ, ਕੰਵਲਜੀਤ, ਜੋਰਾਵਰ ਆਦਿ ਹਾਜ਼ਰ ਸਨ।