ਪਾਰਟੀ ਮੌਕਾ ਦੇਵੇ ਤਾਂ ਹਲਕੇ ਦੀ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਵਾਂਗਾ : ਹੁਸਨ ਲਾਲ ਕਾਂਗਰਸ ਹਾਈਕਮਾਂਡ ਮੌਕਾ ਦਿੰਦੀ ਹੈ ਤਾਂ ਬੰਗਾ ਹਲਕੇ ਦੀ ਸੀਟ ਜਿੱਤ ਕੇ ਕਾਂਗਰਸ ਦੀ ਝੋਲ਼ੀ ਪਾਵਾਂਗਾ ਹੁਸਨ ਲਾਲ ਆਈਏਐਸ
Publish Date: Sat, 21 Nov 2026 03:23 PM (IST)
Updated Date: Sat, 21 Nov 2026 03:25 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸੀਨੀਅਰ ਕਾਂਗਰਸ ਆਗੂ ਹੁਸਨ ਲਾਲ ਆਈਏਐੱਸ ਨੇ ਮੀਟਿੰਗ ਦੌਰਾਨ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਟਿਕਟ ’ਤੇ ਵਿਧਾਨ ਸਭਾ ਹਲਕਾ ਬੰਗਾ ਤੋਂ ਚੋਣ ਲੜਨ ਦੇ ਚਾਹਵਾਨ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜ ਕਾਲ ਦੌਰਾਨ ਉਨ੍ਹਾਂ ਦੇ ਪ੍ਰਿੰਸੀਪਲ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਸਮੇਤ ਪੰਜਾਬ ਸਰਕਾਰ ਵਿਚ ਵੱਖ-ਵੱਖ ਮਹੱਤਵ ਪੂਰਨ ਪ੍ਰਸ਼ਾਸਨਿਕ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਆਪਣੇ ਲੰਬੇ ਪ੍ਰਸ਼ਾਸਨਿਕ ਤਜਰਬੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਦਾ ਮਕਸਦ ਆਪਣੇ ਤਜਰਬੇ ਅਤੇ ਸਮਰੱਥਾ ਨੂੰ ਸਮਾਜ ਦੀ ਸੇਵਾ ਤੇ ਲੋਕਾਂ ਦੀ ਭਲਾਈ ਲਈ ਵਰਤਣਾ ਹੈ। ਇਸੇ ਸੋਚ ਤਹਿਤ ਉਨ੍ਹਾਂ ਨੇ ਰਾਜਨੀਤੀ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਹਾਈ ਕਮਾਂਡ ਉਨ੍ਹਾਂ ਨੂੰ ਬੰਗਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਬਣਨ ਦਾ ਮੌਕਾ ਦਿੰਦੀ ਹੈ ਤਾਂ ਉਹ ਬੰਗਾ ਹਲਕੇ ਦੀ ਸੀਟ ਭਾਰੀ ਬਹੁਮਤ ਨਾਲ ਜਿੱਤ ਕੇ ਕਾਂਗਰਸ ਦੀ ਝੋਲੀ ਪਾਉਣਗੇ। ਉਨ੍ਹਾਂ ਦਾ ਉਦੇਸ਼ ਆਪਣੇ ਪ੍ਰਸ਼ਾਸਨਿਕ ਤਜਰਬੇ ਨੂੰ ਬੰਗਾ ਹਲਕੇ ਦੇ ਵਿਕਾਸ ਦੇ ਨਾਲ-ਨਾਲ ਸਮੁੱਚੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਰਤਣਾ ਹੈ। ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਨ੍ਹਾਂ ਉਮੀਦਾਂ ਅਤੇ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਉਹ ਉਮੀਦਾਂ ਪੂਰੀਆਂ ਨਹੀਂ ਹੋਈਆਂ ਅਤੇ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ ਅਤੇ ਗੈਂਗਸਟਰਵਾਦ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਫਿਰੌਤੀ ਲਈ ਧਮਕੀ ਭਰੀਆਂ ਫੋਨ ਕਾਲਾਂ ਆ ਰਹੀਆਂ ਹਨ। ਡਰ ਅਤੇ ਸਹਿਮ ਦੇ ਮਾਹੌਲ ਕਾਰਨ ਕਈ ਕਾਰੋਬਾਰੀ ਫਿਰੌਤੀ ਦੇਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜਿਹੜੇ ਲੋਕ ਇਨਸਾਫ਼ ਦੀ ਆਸ ਵਿਚ ਪੁਲਿਸ ਕੋਲ ਪਹੁੰਚਦੇ ਹਨ, ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਆਈਏਐਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤ ਵਿਚੋਂ ਬਾਹਰ ਕੱਢਣ ਲਈ ਸੂਬੇ ਵਿਚ ਸਰਕਾਰ ਬਦਲਣੀ ਬਹੁਤ ਜ਼ਰੂਰੀ ਹੈ। ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ, ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰੇ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇ ਅਤੇ ਵਪਾਰੀਆਂ ਸਮੇਤ ਹਰ ਵਰਗ ਨੂੰ ਸੁਰੱਖਿਅਤ ਮਾਹੌਲ ਦੇਵੇ। ਅੰਤ ਵਿਚ ਹੁਸਨ ਲਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇਣ ਅਤੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਮੁੜ ਖੁਸ਼ਹਾਲੀ, ਵਿਕਾਸ ਅਤੇ ਤਰੱਕੀ ਦੇ ਰਾਹ ਤੇ ਅੱਗੇ ਲਿਜਾਣ ਲਈ ਕੰਮ ਕਰ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਵਾਈਸ ਪ੍ਰਧਾਨ ਰਜਿੰਦਰ ਸ਼ਰਮਾ, ਮਨਜਿੰਦਰ ਮੋਹਨ ਬੋਬੀ ਸਾਬਕਾ ਐਮਸੀ, ਰਾਜਵਿੰਦਰ ਸਿੰਘ ਚੇਅਰਮੈਨ ਓਬੀਸੀ ਸੈੱਲ, ਜੋਗਾ ਸਿੰਘ, ਅਮਰਜੀਤ ਕਲਸੀ ਪ੍ਰਧਾਨ ਸੇਵਾ ਦਲ ਬਲਾਕ ਬੰਗਾ, ਨਿਰਮਲ ਬੰਗਾ, ਸੁਖਵਿੰਦਰ ਸਿੰਘ ਸਰਹਾਲਾ ਰਾਣੂਆਂ, ਅਵਤਾਰ ਕੁਮਾਰ ਐਕਸ ਸਰਪੰਚ, ਗੁਰਬਖਸ਼ ਰਾਮ, ਭਗਵਾਨ ਦਾਸ, ਪ੍ਰਭਜੀਤ ਸਿੰਘ ਪਿੰਟੂ ਆਦਿ ਹਾਜ਼ਰ ਸਨ।