ਜ਼ਿਲ੍ਹਾ ਪੀਸੀਪੀਐੱਨਡੀਟੀ ਸਲਾਹਕਾਰ ਕਮੇਟੀ ਦੀ ਅਹਿਮ ਬੈਠਕ ਜ਼ਿਲ੍ਹਾ ਪੀਸੀਪੀਐੱਨਡੀਟੀ ਸਲਾਹਕਾਰ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ
Publish Date: Tue, 24 Nov 2026 03:27 PM (IST)
Updated Date: Tue, 24 Nov 2026 03:28 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਜ਼ਿਲ੍ਹੇ ਚ ਲਿੰਗ ਚੋਣ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸੋਮਵਾਰ ਨੂੰ ਜ਼ਿਲ੍ਹਾ ਪੀਸੀਪੀਐੱਨਡੀਟੀ ਸਲਾਹਕਾਰ ਕਮੇਟੀ ਦੀ ਅਹਿਮ ਮੀਟਿੰਗ ਕੀਤੀ। ਜਿਸ ਦੌਰਾਨ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀਸੀਪੀਐੱਨਡੀਟੀ ਐਕਟ ਦੀ ਉਲੰਘਣਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੀ ਸ਼ੁਰੂਆਤ ਵਿਚ ਕਮੇਟੀ ਮੈਂਬਰਾਂ ਨੂੰ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਸਮੇਤ ਹੋਰ ਮਹੱਤਵ ਪੂਰਨ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਅਲਟਰਾ ਸਾਊਂਡ ਕੇਂਦਰਾਂ ਦੀ ਕਾਰਗੁਜ਼ਾਰੀ, ਰਿਕਾਰਡ ਰੱਖ-ਰਖਾਅ ਅਤੇ ਨਿਗਰਾਨੀ ਪ੍ਰਣਾਲੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਕੇਂਦਰ ਨਿਯਮਾਂ ਅਨੁਸਾਰ ਫਾਰਮ ਭਰਨ ਅਤੇ ਲੋੜੀਂਦੇ ਡਿਸਪਲੇ ਬੋਰਡ ਲਗਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੋ-ਟੁੱਕ ਸ਼ਬਦਾਂ ਵਿਚ ਕਿਹਾ ਕਿ ਗੈਰ-ਕਾਨੂੰਨੀ ਲਿੰਗ ਜਾਂਚ ਕਰਨ ਵਾਲਿਆਂ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ। ਜ਼ਿਲ੍ਹੇ ਵਿਚ ਲਿੰਗ ਅਨੁਪਾਤ ਸੁਧਾਰਨਾ ਸਿਖਰਲੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਅਚਾਨਕ ਜਾਂਚਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਲੰਘਣਾ ਸਾਹਮਣੇ ਆਉਣ ਤੇ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦਾ ਲਿੰਗ ਅਨੁਪਾਤ 1000 ਮੁੰਡਿਆਂ ਪਿੱਛੇ 958 ਕੁੜੀਆਂ ਹੈ, ਜੋ ਕਿ ਇੱਕ ਸਕਾਰਾਤਮਕ ਅਤੇ ਸ਼ਲਾਘਾਯੋਗ ਪ੍ਰਾਪਤੀ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਸਿਹਤ ਵਿਭਾਗ ਦੀਆਂ ਟੀਮਾਂ, ਜ਼ਿਲ੍ਹਾ ਪ੍ਰਸ਼ਾਸਨ, ਸੰਬੰਧਤ ਵਿਭਾਗਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਅੰਕੜਾ ਹੋਰ ਬਿਹਤਰ ਬਣਾਉਣ ਲਈ ਸਾਨੂੰ ਨਿਰੰਤਰ ਯਤਨ ਕਰਨ ਦੀ ਲੋੜ ਹੈ। ਧੀਆਂ ਪ੍ਰਤੀ ਸਮਾਜ ਦੀ ਸੋਚ ਵਿਚ ਸਕਾਰਾਤਮਕ ਤਬਦੀਲੀ ਲਿਆਉਣਾ, ਲਿੰਗ ਚੋਣ ਵਰਗੀਆਂ ਕੁਰੀਤੀਆਂ ਨੂੰ ਰੋਕਣਾ ਅਤੇ ਹਰ ਧੀ ਨੂੰ ਬਰਾਬਰ ਦਾ ਮਾਣ-ਸਤਿਕਾਰ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਤਾਂ ਜੋ ਭਰੂਣ ਹੱਤਿਆ ਵਿਰੁੱਧ ਸਮਾਜ ਵਿਚ ਸਕਾਰਾਤਮਕ ਸੋਚ ਨੂੰ ਉਤਸ਼ਾਹ ਮਿਲੇ। ਉਨ੍ਹਾਂ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਕਿ ਸਾਰੇ ਰਜਿਸਟਰਡ ਕੇਂਦਰਾਂ ਦੇ ਰਿਕਾਰਡਾਂ ਦੀ ਨਿਯਮਿਤ ਜਾਂਚ ਕੀਤੀ ਜਾਵੇਗੀ ਅਤੇ ਰਿਪੋਰਟਿੰਗ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਕਿਸੇ ਵੀ ਸ਼ੱਕੀ ਗਤੀਵਿਧੀ ਸੰਬੰਧੀ ਮਿਲਣ ਵਾਲੀ ਜਾਣਕਾਰੀ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੀਸੀਪੀਐੱਨਡੀਟੀ ਐਕਟ ਦੀਆਂ ਕਾਨੂੰਨੀ ਵਿਵਸਥਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਕੇਂਦਰ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਵੱਲੋਂ ਆਪਣੇ ਕੀਮਤੀ ਸੁਝਾਅ ਵੀ ਦਿੱਤੇ। ਅੰਤ ਵਿਚ ਸਿਵਲ ਸਰਜਨ ਨੇ ਕਿਹਾ ਕਿ ਸਖ਼ਤ ਨਿਗਰਾਨੀ, ਤੁਰੰਤ ਕਾਰਵਾਈ ਅਤੇ ਸਮੂਹਿਕ ਯਤਨਾਂ ਨਾਲ ਹੀ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਂਦਾ ਜਾ ਸਕਦਾ ਹੈ ਅਤੇ ਸਮਾਜ ਵਿਚ ਧੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਐੱਮਸੀ ਸੀਸ ਕੌਰ, ਡਾ. ਮੋਨਿਕਾ ਜੈਨ, ਡਾ. ਊਸ਼ਾ ਕਿਰਨ, ਡਾ. ਜਸਕਰਨ ਸਿੰਘ, ਰਤਨ ਕੁਮਾਰ ਜੈਨ, ਬੀਰਬਲ ਤੱਖੀ, ਜ਼ਿਲ੍ਹਾ ਡਿਪਟੀ ਅਟਾਰਨੀ ਤੇਜਵੀਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਡੀਈਓ ਕਾਜਲ ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।