ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਐਡਵੋਕੇਟ ਖੋਸਲਾ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ- ਐਡਵੋਕੇਟ ਖੋਸਲਾ
Publish Date: Thu, 10 Sep 2026 05:07 PM (IST)
Updated Date: Thu, 10 Sep 2026 05:10 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਚ ਸਥਾਪਿਤ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਗਈ ਬੇਅਦਬੀ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਦਿਨ ਪ੍ਰਤੀ ਦਿਨ ਬੇਅਦਬੀਆਂ ਦਾ ਦੌਰ ਵੱਧਦਾ ਜਾ ਰਿਹਾ ਹੈ। ਜਿਹੜਾ ਕਿ ਸੂਬੇ ਦੀ ਸਰਕਾਰ ਦੀ ਢਿੱਲ-ਮੱਠ ਦਾ ਜਿੰਦਾ ਜਾਗਦਾ ਸਬੂਤ ਹੈ। ਉਨ੍ਹਾਂ ਆਖਿਆ ਕਿ ਇਹ ਘਟਨਾ ਜਿੱਥੇ ਸੂਬੇ ਦੀ ਸਰਕਾਰ ਦੇ ਲਾਅ ਐਂਡ ਆਰਡਰ ਦੀ ਮਾੜੀ ਦਿਸ਼ਾ ਹੋਣ ਵੱਲ ਇਸ਼ਾਰਾ ਕਰਦੀ ਹੈ, ਉਥੇ ਹੀ ਪੁਲਿਸ ਪ੍ਰਸ਼ਾਸਨ ਦੀ ਕਾਰਗੁਜਾਰੀ ਉਪਰ ਵੀ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾ ਵੀ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਚੌਕ ਵਿਚ ਸੀਸੀਟੀਵੀ ਕੈਮਰੇ ਲਗਾਉਣ ਵਾਲੇ ਸਖਤ ਸੁਰੱਖਿਆ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਘਟਨਾ ਤੋਂ ਬਾਅਦ ਬਾਬਾ ਸਾਹਿਬ ਅੰਬੇਡਕਰ ਨੂੰ ਆਪਣਾ ਰਹਿਬਰ ਮੰਨਣ ਵਾਲੇ ਸਮਾਜ ਦੇ ਲੋਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਜਿੱਥੇ-ਜਿੱਥੇ ਵੀ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਹਨ, ਨੇੜੇ ਹਾਈ ਸਕਿਓਰਿਟੀ ਸੀਸੀਟੀਵੀ ਕੈਮਰੇ ਲਗਾਉਣ ਦੀ ਮੰਗ ਕੀਤੀ ਗਈ, ਉਸ ਦੇ ਨਾਲ ਹੀ ਉਨ੍ਹਾਂ ਨੇ ਮੰਦਭਾਗੀ ਘਟਨਾ ਦੇ ਕਥਿਤ ਮੁਲਜ਼ਮਾਂ ਦੀ ਪਹਿਚਾਣ ਲਈ ਆਲੇ-ਦੁਆਲੇ ਲੱਗੇ ਕੈਮਰਿਆਂ ਦੀ ਪੜਤਾਲ ਕਰਨ ਅਤੇ ਉੱਥੇ ਲੱਗਣ ਵਾਲੀਆਂ ਦੁਕਾਨਾਂ ਦੇ ਸੰਚਾਲਕਾਂ ਤੋਂ ਵੀ ਪੁੱਛ-ਪੜਤਾਲ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ। ਉਨ੍ਹਾਂ ਆਖਿਆ ਕਿ ਇਹ ਚੌਕ ਬਹੁਤ ਵਿਅਸਤ ਰਹਿੰਦਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਇੱਥੋਂ ਨਿਕਲਦੇ ਹਨ ਅਤੇ ਅਜਿਹੇ ਵਿਚ ਇਸ ਘਟਨਾ ਦਾ ਹੋਣਾ ਬਹੁਤ ਹੀ ਨਿੰਦਣਯੋਗ ਹੈ।