
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਅਜ਼ਾਦੀ ਦਿਵਸ ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਦਾ 80ਵਾਂ ਅਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਮਨਾਇਆ। ਸਮਾਗਮ ਦੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ। ਪ੍ਰਧਾਨਗੀ ਮੰਡਲ ਵਿਚ ਉੱਘੇ ਕੌਮੀ ਖਿਡਾਰੀ ਜੋਗਿੰਦਰ ਸਿੰਘ ਕਲਸੀ, ਪ੍ਰਿੰ. ਵਨੀਤਾ ਚੋਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ ਅਤੇ ਭਾਈ ਜੋਗਾ ਸਿੰਘ ਧਾਰਮਿਕ ਅਧਿਆਪਕ ਸ਼ਾਮਲ ਸਨ। ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਅਜ਼ਾਦੀ ਦਿਵਸ ਇੱਕ ਰਾਸ਼ਟਰੀ ਤਿਉਹਾਰ ਨਹੀਂ, ਸਗੋਂ ਉਨ੍ਹਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘਲਾਟੀਆਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਯਾਦ ਕਰਨ ਦਾ ਪਵਿੱਤਰ ਦਿਨ ਹੈ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਉੱਚ ਸਿੱਖਿਆ ਪ੍ਰਾਪਤ ਕਰਨ, ਚੰਗੇ ਚਰਿੱਤਰ ਅਤੇ ਰਾਸ਼ਟਰ ਨਿਰਮਾਣ ਦੇ ਮੁੱਲਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ। ਪ੍ਰਿੰ. ਵਨੀਤਾ ਚੋਟ ਨੇ ਵਿਦਿਆਰਥੀਆਂ ਨੂੰ ਅਜ਼ਾਦੀ ਦਿਵਸ ਦੀ ਮਹਾਨਤਾ ਅਤੇ ਭਾਰਤੀ ਸੰਵਿਧਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਸਕੂਲ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਗੀਤ, ਕਵਾਲੀ, ਕਵਿਤਾਵਾਂ ਅਤੇ ਕੋਰੀਓਗ੍ਰਾਫੀ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।।ਸੱਭਿਆਚਾਰਕ ਪੇਸ਼ਕਾਰੀਆਂ ਨੇ ਹਾਜ਼ਰੀਨ ਦੇ ਦਿਲਾਂ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਕੂਲ ਦਾ ਸਮੁੱਚਾ ਵਾਤਾਵਰਣ ਤਿਰੰਗੇ ਦੇ ਰੰਗਾਂ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਿਆ ਨਜ਼ਰ ਆਇਆ। ਸੱਭਿਆਚਾਰਕ ਮੁਕਾਬਲਿਆਂ ਅਤੇ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵੱਲੋਂ ਸਰਟੀਫਿਕੇਟ ਭੇਂਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੇ ਅੰਤ ਵਿਚ ਰਾਸ਼ਟਰੀ ਗੀਤ ਨਾਲ ਦੇਸ਼ ਦੀ ਤਰੱਕੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸਮੂਹ ਸਕੂਲ ਸਟਾਫ਼, ਵਿਦਿਆਰਥੀ, ਮਾਪੇ ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ।