ਹਰ ਘਰ ਤਿਰੰਗਾ ਮੁਹਿੰਮ ਤਹਿਤ ਆਜ਼ਾਦੀ ਦਿਵਸ ਮਨਾਇਆ ਹਰ ਘਰ ਤਿਰੰਗਾ ਮੁਹਿੰਮ ਤਹਿਤ ਆਜ਼ਾਦੀ ਦਿਵਸ ਮਨਾਇਆ
Publish Date: Sun, 16 Aug 2026 03:29 PM (IST)
Updated Date: Sun, 16 Aug 2026 03:32 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ਐੱਨਸੀਸੀ ਕੈਡਿਟਸ ਵੱਲੋਂ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ। ਇਸ ਮੌਕੇ ਐੱਨ.ਸੀ.ਸੀ. ਕੈਡਿਟਸ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਕੈਡਿਟਸ ਵੱਲੋਂ ਟੀਬੀ (ਤਪਦਿਕ) ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜਾਗਰੂਕਤਾ ਰੈਲੀ ਵੀ ਕੱਢੀ। ਰੈਲੀ ਰਾਹੀਂ ਲੋਕਾਂ ਨੂੰ ਟੀਬੀ ਦੇ ਲੱਛਣਾਂ, ਸਮੇਂ ਸਿਰ ਜਾਂਚ ਅਤੇ ਇਲਾਜ ਸਬੰਧੀ ਜਾਗਰੂਕ ਕੀਤਾ। ਕੈਡਿਟਸ ਨੇ ਦੇਸ਼-ਭਗਤੀ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੰਦਿਆਂ ਲੋਕਾਂ ਨੂੰ ਰਾਸ਼ਟਰ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਿੰਸੀਪਲ ਮੀਨੂੰ ਭੋਲਾ ਨੇ ਕਿਹਾ ਕਿ ਆਜ਼ਾਦੀ ਸਾਨੂੰ ਅਣਗਿਣਤ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਕੌਰ ਵੱਲੋਂ ਵੀ ਸਮੂਹ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਰ ਘਰ ਤਿਰੰਗਾ ਵਰਗੀਆਂ ਮੁਹਿੰਮਾਂ ਦੇਸ਼-ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਪ੍ਰਬੰਧਕਾਂ ਨੇ ਐੱਨਸੀਸੀ ਕੈਡਿਟਸ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਐੱਨਸੀਸੀ ਕੈਡਿਟਸ ਦੇ ਨਾਲ ਐੱਨਸੀਸੀ ਏਐੱਨਓ ਲੈਫਟੀਨੈਂਟ ਕੀਮਤੀ ਹਰੀਸ਼ ਅਤੇ ਕੈਪਟਨ ਹਰਬੰਸ ਸਿੰਘ ਵੀ ਮੌਜੂਦ ਸਨ।