
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਲਾਚੌਰ ਦੇ 5 ਨਿੱਜੀ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਕੀਤੀ ਜਾਂਚ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਜ਼ਿਲ੍ਹੇ ਵਿਚ ਲਿੰਗ ਅਨੁਪਾਤ ਨੂੰ ਸੰਤੁਲਿਤ ਬਣਾਈ ਰੱਖਣ ਅਤੇ ਕੁੜੀ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਸਿਹਤ ਵਿਭਾਗ ਨੇ ਆਪਣੀ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਹੈ। ਸਿਵਲ ਸਰਜਨ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਬਲਾਚੌਰ ਦੇ ਪੰਜ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਾਨਕ ਜਾਂਚ ਕੀਤੀ। ਜਿਸ ਦੌਰਾਨ ਸੈਂਟਰਾਂ ਦੇ ਰਜਿਸਟਰ, ਮਰੀਜ਼ਾਂ ਦੇ ਰਿਕਾਰਡ, ਲਾਜ਼ਮੀ ਫਾਰਮਾਂ ਅਤੇ ਹੋਰ ਦਸਤਾਵੇਜ਼ਾਂ ਦੀ ਗਹਿਰਾਈ ਨਾਲ ਪੜਤਾਲ ਕੀਤੀ ਗਈ। ਤਾਂ ਜੋ ਪੀਸੀਪੀਐੱਨਡੀਟੀ ਐਕਟ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਕਾਨੂੰਨੀ ਅਪਰਾਧ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਜਾਂ ਸੈਂਟਰ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਸ਼ੀ ਪਾਏ ਜਾਣ ’ਤੇ ਜੁਰਮਾਨੇ ਦੇ ਨਾਲ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮਕਸਦ ਕੇਵਲ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ ਸਗੋਂ ਸਮਾਜ ਵਿਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨਾ ਵੀ ਹੈ। ਧੀ ਘਰ ਦੀ ਸ਼ਾਨ ਅਤੇ ਸਮਾਜ ਦੀ ਤਾਕਤ ਹੈ। ਉਸ ਨੂੰ ਜਨਮ ਤੋਂ ਪਹਿਲਾਂ ਮਾਰਨਾ ਮਨੁੱਖਤਾ ਵਿਰੁੱਧ ਜੁਰਮ ਹੈ। ਉਨ੍ਹਾਂ ਸਾਰੇ ਅਲਟਰਾ ਸਾਊਂਡ ਸੈਂਟਰਾਂ ਨੂੰ ਹਦਾਇਤ ਕੀਤੀ ਕਿ ਉਹ ਐਕਟ ਤਹਿਤ ਨਿਰਧਾਰਿਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਰਿਕਾਰਡ ਨੂੰ ਪੂਰੀ ਪਾਰਦਰਸ਼ਤਾ ਨਾਲ ਸੰਭਾਲਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਜਿਹੀਆਂ ਚੈਕਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ ਤਾਂ ਜੋ ਲਿੰਗ ਜਾਂਚ ਵਰਗੀਆਂ ਗੈਰ-ਕਾਨੂੰਨੀ ਸਰਗਰਮੀਆਂ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਇਸ ਮੌਕੇ ਕਾਰਜਕਾਰੀ ਪੀਐੱਨਡੀਟੀ ਕੋਆਰਡੀਨੇਟਰ ਹਰਨੇਕ ਸਿੰਘ ਵੀ ਟੀਮ ਨਾਲ ਮੌਜੂਦ ਸਨ।