ਐਸਐਮਓ ਵੱਲੋਂ ਸਿਹਤ ਸੇਵਾਵਾਂ, ਟੀਕਾਕਰਨ ਪ੍ਰਬੰਧਾਂ ਤੇ ਸਿਹਤ ਰਿਕਾਰਡ ਦਾ ਨਿਰੀਖਣ ਐਸਐਮਓ ਵੱਲੋਂ ਸਿਹਤ ਸੇਵਾਵਾਂ, ਟੀਕਾਕਰਨ ਪ੍ਰਬੰਧਾਂ ਅਤੇ ਸਿਹਤ ਰਿਕਾਰਡ ਦਾ ਨਿਰੀਖਣ
Publish Date: Sat, 28 Nov 2026 05:01 PM (IST)
Updated Date: Sat, 28 Nov 2026 05:04 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਸਬਸਿਡਰੀ ਸਿਹਤ ਕੇਂਦਰ ਕਰਿਆਮ ਦਾ ਦੌਰਾ ਕਰਕੇ ਸਿਹਤ ਸੇਵਾਵਾਂ, ਟੀਕਾਕਰਨ ਪ੍ਰਬੰਧਾਂ ਅਤੇ ਸਿਹਤ ਰਿਕਾਰਡ ਦਾ ਨਿਰੀਖਣ ਕੀਤਾ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਰਦੀਆਂ ਦੇ ਮੌਸਮ ਦੌਰਾਨ ਨਵਜੰਮੇ ਬੱਚਿਆਂ, ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਬੱਚੇ ਅਤੇ ਗਰਭਵਤੀ ਔਰਤ ਦਾ ਸਰਕਾਰ ਵੱਲੋਂ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਇਆ ਜਾਵੇ ਅਤੇ ਟੀਕਾਕਰਨ ਤੋਂ ਰਹਿ ਗਏ ਜਾਂ ਅਧੂਰਾ ਟੀਕਾਕਰਨ ਕਰਵਾ ਚੁੱਕੇ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੰਪੂਰਨ ਸਿਹਤ ਸੇਵਾਵਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਕੌਮੀ ਟੀਕਾਕਰਨ ਪ੍ਰੋਗਰਾਮ ਅਧੀਨ ਉਪਲੱਬਧ ਸਾਰੇ ਟੀਕੇ ਨਿਰਧਾਰਤ ਉਮਰ ਅਤੇ ਸਮੇਂ ਅਨੁਸਾਰ ਲਗਵਾਉਣੇ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ 14 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਅਤੇ 15 ਸਾਲ ਤੋਂ ਘੱਟ ਉਮਰ ਦੀਆਂ ਯੋਗ ਲੜਕੀਆਂ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਐੱਚਪੀਵੀ ਟੀਕਾਕਰਨ ਮੁਹਿੰਮ ਬਾਰੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇ। ਇਹ ਟੀਕਾ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਉਪਲਬਧ ਹੈ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਸਰਦੀਆਂ ਦੌਰਾਨ ਬੱਚਿਆਂ ਨੂੰ ਠੰਢ ਤੋਂ ਬਚਾਉਣ, ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ਤੇ ਤੁਰੰਤ ਡਾਕਟਰੀ ਸਲਾਹ ਲੈਣ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਟੀਕਿਆਂ ਦੀ ਸਹੀ ਤਾਪਮਾਨ ਤੇ ਸਟੋਰੇਜ, ਕੋਲਡ ਚੇਨ ਪ੍ਰਬੰਧਾਂ ਦੀ ਨਿਗਰਾਨੀ, ਟੀਕਾਕਰਨ ਰਿਕਾਰਡ ਦੀ ਸਹੀ ਸਾਂਭ-ਸੰਭਾਲ ਅਤੇ ਯੂ-ਵਿਨ ਪੋਰਟਲ ਤੇ ਲਾਭਪਾਤਰੀਆਂ ਦਾ ਰਿਕਾਰਡ ਅਪਡੇਟ ਰੱਖਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਟੀਕਾਕਰਨ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ। ਇਸ ਲਈ ਸਿਹਤ ਵਿਭਾਗ ਦੇ ਹਰੇਕ ਕਰਮਚਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰੇ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਨਿਰੰਤਰ ਨਿਗਰਾਨੀ, ਸਮੇਂ ਸਿਰ ਲਾਭਪਾਤਰੀਆਂ ਤੱਕ ਪਹੁੰਚ ਅਤੇ ਲੋਕਾਂ ਦਾ ਭਰੋਸਾ ਜਿੱਤਣਾ ਵਿਭਾਗ ਦੀ ਮੁੱਖ ਤਰਜੀਹ ਹੈ।