ਪੰਜਾਬ ਭਵਨ ’ਚ ਉਠਾਏ ਗੁੱਜਰ ਭਾਈਚਾਰੇ ਦੇ ਮਸਲੇ
ਪੰਜਾਬ ਭਵਨ ਚ ਉਠਾਏ ਗੁੱਜਰ ਭਾਈਚਾਰੇ ਦੇ ਮਸਲੇ
Publish Date: Sat, 14 Mar 2026 05:53 PM (IST)
Updated Date: Sun, 15 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ ਅਤੇ ਕੈਬਨਿਟ ਮੰਤਰੀ ਅਤੇ ਪੰਜਾਬ ਦੇ ਬੀਸੀ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਗੁੱਜਰ ਭਾਈਚਾਰੇ ਅਤੇ ਪੰਜਾਬ ਦੇ ਹੋਰ ਸਮਾਜਾਂ ਦੇ ਚੇਅਰਮੈਨਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਦੇ ਪੱਕੇ ਹੱਲ ਲੱਭਣਾ ਸੀ। ਮੀਟਿੰਗ ਦੌਰਾਨ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੇ ਆਪੋ-ਆਪਣੇ ਵਰਗਾਂ ਦੀਆਂ ਮੰਗਾਂ ਅਤੇ ਪਛੜੇਵੇਂ ਨੂੰ ਦੂਰ ਕਰਨ ਲਈ ਸੁਝਾਅ ਪੇਸ਼ ਕੀਤੇ। ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਮੈਂਬਰ ਅਤੇ ਗੁੱਜਰ ਵੈਲਫੇਅਰ ਦੇ ਚੇਅਰਮੈਨ ਰਿਟਾ. ਬ੍ਰਿਗੇ. ਰਾਜ ਕੁਮਾਰ ਸ਼ਾਮਿਲ ਹੋਏ। ਉਨ੍ਹਾਂ ਨੇ ਗੁੱਜਰ ਸਮਾਜ ਦੀਆਂ ਮੁਸ਼ਕਿਲਾਂ ਨੂੰ ਸਰਕਾਰ ਦੇ ਸਨਮੁੱਖ ਰੱਖਦਿਆਂ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸਤਾਰ ਨਾਲ ਗੱਲਬਾਤ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਨਾਗਰਿਕ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਹੋਰਨਾਂ ਸਮਾਜਾਂ ਦੇ ਚੇਅਰਮੈਨਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।