ਆਮ ਵਲੰਟੀਅਰ ਤੋਂ ਵਿਧਾਨ ਸਭਾ ਦੀ ਟਿਕਟ ਤੱਕ ਪਹੁੰਚੇ ਜਸਪ੍ਰੀਤ ਸਿੰਘ ਰੋਬੀ ਕੰਗ ਹਲਕਾ ਇੰਚਾਰਜ ਤੋਂ ਹੁਣ
Publish Date: Thu, 12 Nov 2026 08:09 PM (IST)
Updated Date: Thu, 12 Nov 2026 08:12 PM (IST)
ਹਲਕਾ ਇੰਚਾਰਜ ਤੋਂ ਹੁਣ ਨਵਾਂਸ਼ਹਿਰ ਦੇ ਉਮੀਦਵਾਰ ਤੱਕ ਦਾ ਤੈਅ ਕੀਤਾ ਸਫ਼ਰ ਜਾਗਰਣ ਸੰਵਾਦਦਾਤਾ, ਨਵਾਂਸ਼ਹਿਰ : ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਦੇ ਨਾਂ ਬਾਰੇ ਚੱਲ ਰਹੇ ਸਸਪੈਂਸ ਨੂੰ ਖ਼ਤਮ ਕਰ ਦਿੱਤਾ ਹੈ। ਪਾਰਟੀ ਹਾਈਕਮਾਂਡ ਨੇ ਜ਼ਮੀਨੀ ਪੱਧਰ ਨਾਲ ਜੁੜੇ ਨੌਜਵਾਨ ਆਗੂ ਅਤੇ ਮੌਜੂਦਾ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਨਵਾਂਸ਼ਹਿਰ ਤੋਂ ਆਪਣਾ ਅਧਿਕਾਰਤ ਉਮੀਦਵਾਰ ਐਲਾਨਿਆ ਹੈ। ਕਿਸੇ ਵੱਡੇ ਸਿਆਸੀ ਪਰਿਵਾਰ ਨਾਲ ਸਬੰਧ ਨਾ ਰੱਖਣ ਵਾਲੇ ਰੋਬੀ ਕੰਗ ਨੇ ਇਕ ਸਾਧਾਰਨ ਵਲੰਟੀਅਰ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਉਨ੍ਹਾਂ ਨੂੰ ਟਿਕਟ ਦੇ ਕੇ ਪਾਰਟੀ ਨੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਸੰਗਠਨ ਵਿੱਚ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ ਜਾਂਦਾ ਹੈ। ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਕੁਲਥਮ ਨਾਲ ਸਬੰਧਤ ਕੰਗ ਦੀ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਸਥਾਨਕ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਮਠਿਆਈ ਖੁਆ ਕੇ ਅਤੇ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ। ਟਿਕਟ ਮਿਲਣ ਦੇ ਦੋ ਪ੍ਰਮੁੱਖ ਕਾਰਨ ਨਵਾਂਸ਼ਹਿਰ ਸੀਟ ਤੋਂ ਰੋਬੀ ਕੰਗ ਨੂੰ ਉਮੀਦਵਾਰ ਬਣਾਏ ਜਾਣ ਪਿੱਛੇ ਦੋ ਪ੍ਰਮੁੱਖ ਕਾਰਨ ਮੰਨੇ ਜਾ ਰਹੇ ਹਨ। ਪਹਿਲਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਨਵਾਂਸ਼ਹਿਰ ਹਲਕੇ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਸਥਾਨਕ ਪੱਧਰ ਤੇ ਚੱਲ ਰਹੀ ਧੜੇਬੰਦੀ ਨੂੰ ਦੂਰ ਕਰਕੇ ਉਨ੍ਹਾਂ ਨੇ ਪਾਰਟੀ ਕੇਡਰ ਨੂੰ ਇਕਜੁੱਟ ਰੱਖਣ ਦੀ ਕੋਸ਼ਿਸ਼ ਕੀਤੀ। ਦੂਜਾ ਕਾਰਨ ਉਨ੍ਹਾਂ ਦੀ ਨੌਜਵਾਨ ਅਗਵਾਈ ਅਤੇ ਜ਼ਮੀਨੀ ਪੱਧਰ ਤੇ ਪਕੜ ਹੈ। ਘੱਟ ਉਮਰ ਵਿੱਚ ਜ਼ਿਲ੍ਹਾ ਪ੍ਰਧਾਨ ਤੋਂ ਲੈ ਕੇ ਹਲਕਾ ਇੰਚਾਰਜ ਤੱਕ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਕਾਰਨ ਉਹ ਨੌਜਵਾਨਾਂ ਅਤੇ ਆਮ ਵਰਕਰਾਂ ਵਿੱਚ ਜਾਣੇ ਜਾਂਦੇ ਹਨ। ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੇ ਸੰਗਠਨਾਤਮਕ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜ਼ਮੀਨੀ ਪੱਧਰ ਤੇ ਕੰਮ ਕਰਕੇ ਬਣਾਈ ਪਛਾਣ ਜਸਪ੍ਰੀਤ ਸਿੰਘ ਰੋਬੀ ਕੰਗ ਮੂਲ ਰੂਪ ਵਿੱਚ ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਕੁਲਥਮ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਸਾਲ 2014 ਵਿੱਚ ਆਮ ਆਦਮੀ ਪਾਰਟੀ ਦੇ ਇਕ ਸਾਧਾਰਨ ਵਲੰਟੀਅਰ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਜ਼ਮੀਨੀ ਪੱਧਰ ਤੇ ਸਰਗਰਮੀ ਨਾਲ ਕੰਮ ਕਰਦਿਆਂ ਉਨ੍ਹਾਂ ਨੇ ਲੋਕਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਦੀ ਸਰਗਰਮੀ ਨੂੰ ਦੇਖਦਿਆਂ ਪਾਰਟੀ ਨੇ ਸਾਲ 2015 ਵਿੱਚ ਉਨ੍ਹਾਂ ਨੂੰ ਲੋਕ ਸਭਾ ਦੇ ਯੂਥ ਵਿੰਗ ਦਾ ਸਕੱਤਰ ਬਣਾਇਆ। ਸਾਲ 2018 ਵਿੱਚ ਉਨ੍ਹਾਂ ਨੂੰ ਦੋਆਬਾ ਯੂਥ ਵਿੰਗ ਦਾ ਜ਼ੋਨ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਤੋਂ ਬਾਅਦ ਮਾਰਚ 2026 ਵਿੱਚ ਪੰਜਾਬ ਯੂਥ ਵਿੰਗ ਦਾ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਦੀ ਸੰਗਠਨਾਤਮਕ ਸਮਰੱਥਾ ਨੂੰ ਦੇਖਦਿਆਂ 2 ਜੂਨ 2026 ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਜ਼ਿਲ੍ਹਾ ਪ੍ਰਧਾਨ ਬਣਨ ਦੇ ਮਹਿਜ਼ 12 ਦਿਨਾਂ ਬਾਅਦ, 14 ਜੂਨ 2026 ਨੂੰ ਉਨ੍ਹਾਂ ਨੂੰ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਹੁਣ ਪਾਰਟੀ ਨੇ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।