ਗੁਰਬਖਸ਼ ਸਿੰਘ ਖ਼ਾਲਸਾ ਨੂੰ ਨਿਯੁਕਤੀ 'ਤੇ ਕੀਤਾ ਸਨਮਾਨਿਤ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਕੀਤਾ ਸਨਮਾਨਿਤ
Publish Date: Mon, 23 Nov 2026 03:41 PM (IST)
Updated Date: Mon, 23 Nov 2026 03:43 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਅਤੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਜੂਨੀਅਰ ਮੀਤ ਪ੍ਰਧਾਨ ਬਣਨ ਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ। ਅੱਜ ਚੋਣ ਉਪਰੰਤ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਘਰ ਪਹੁੰਚਣ ਤੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਅਤੇ ਸਟਾਫ ਮੈਂਬਰਾਂ ਨੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਅਤੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਤੇ ਇੱਕ ਵਾਰ ਫਿਰ ਭਰੋਸਾ ਕਰਕੇ ਵੱਡੀ ਜਿੰਮੇਵਾਰੀ ਦਿੱਤੀ ਹੈ। ਜਿਸ ਨੂੰ ਉਹ ਪਰਮਾਤਮਾ ਦੇ ਭੈਅ ਵਿਚ ਰਹਿ ਕੇ ਤਨ ਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਐਡਵੋਕੇਟ ਧਾਮੀ ਅਤੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੁਆਰਾ ਨਿਭਾਈਆਂ ਗਈਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿੱਦਿਆ ਦੇ ਖੇਤਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਥਾਹ ਤਰੱਕੀ ਕੀਤੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਇਨਾਂ ਦੀ ਰਹਿਨੁਮਾਈ ਵਿਚ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਹੋਰ ਬੁਲੰਦੀ ਹਾਸਲ ਕਰਨਗੀਆਂ। ਇਸ ਮੌਕੇ ਕੌਂਸਲਰ ਬੀਬੀ ਮਹਿੰਦਰਪਾਲ ਕੌਰ ਖਾਲਸਾ, ਕੌਂਸਲਰ ਪਰਮ ਸਿੰਘ ਖਾਲਸਾ, ਪ੍ਰੋ. ਅਮਨਜੀਤ ਸਿੰਘ, ਪ੍ਰੋ. ਗੁਰਸ਼ਾਨ ਸਿੰਘ, ਪ੍ਰੋ. ਕਮਲਜੀਤ ਕੌਰ, ਅਮਨਦੀਪ ਸਿੰਘ ਮੌਜੂਦ ਸਨ।