ਖਾਲਸਾ ਕਾਲਜ ਪੁੱਜਣ ’ਤੇ ਜਥੇ. ਗੁਰਬਖਸ਼ ਸਿੰਘ ਖਾਲਸਾ ਸਨਮਾਨਿਤ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਪੁੱਜਣ ਤੇ ਜਥੇ. ਗੁਰਬਖਸ਼ ਸਿੰਘ ਖਾਲਸਾ ਨੂੰ ਕੀਤਾ ਸਨਮਾਨਿਤ
Publish Date: Thu, 26 Nov 2026 03:54 PM (IST)
Updated Date: Thu, 26 Nov 2026 03:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ : ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਾਲਾਨਾ ਚੋਣ ਵਿੱਚ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਜੂਨੀਅਰ ਮੀਤ ਪ੍ਰਧਾਨ ਬਣਨ ਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ। ਜੂਨੀਅਰ ਮੀਤ ਪ੍ਰਧਾਨ ਬਣਨ ਉਪਰੰਤ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਵਲੋਂ ਅੱਜ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਅਤੇ ਸਟਾਫ ਮੈਂਬਰਾਂ ਨੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਅਤੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।।ਇਸ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਤੇ ਇੱਕ ਵਾਰ ਫਿਰ ਭਰੋਸਾ ਕਰਕੇ ਜੂਨੀਅਰ ਮੀਤ ਪ੍ਰਧਾਨ ਜਿਹੀ ਵੱਡੀ ਜਿੰਮੇਵਾਰੀ ਸੌਂਪੀ ਹੈ। ਜਿਸ ਨੂੰ ਉਹ ਪਰਮਾਤਮਾ ਦੇ ਭੈਅ ਵਿਚ ਰਹਿ ਕੇ ਤਨ ਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਜ਼ਿਲ੍ਹੇ ਵਿਚ ਇੱਕੋ ਇੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਦਾਰਾ ਹੈ ਜੋ ਇਲਾਕੇ ਵਿਚ ਵਿਦਿਆ ਅਤੇ ਖੇਡਾਂ ਦਾ ਪ੍ਰਸਾਰ ਕਰਨ ਵਿਚ ਮੋਹਰੀ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਨੂੰ ਹੋਰ ਉੱਚਾ ਚੁੱਕਣ ਲਈ ਹਰ ਪੱਖ ਤੋਂ ਵਿੱਤੀ ਸਹਾਇਤਾ ਕੀਤੀ ਜਾਵੇਗੀ। ਤਾਂ ਕਿ ਇਲਾਕੇ ਦੇ ਵਿਦਿਆਰਥੀ ਸਸਤੀ ਅਤੇ ਮਿਆਰੀ ਵਿਦਿਆ ਹਾਸਿਲ ਕਰ ਸਕਣ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਪ੍ਰਿੰ. ਡਾ. ਰਣਜੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੁਆਰਾ ਨਿਭਾਈਆਂ ਗਈਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਰਹੀਆਂ ਹਨ। ਜਿਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਥਾਹ ਤਰੱਕੀ ਕੀਤੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਇਨਾਂ ਦੀ ਰਹਿਨੁਮਾਈ ਵਿਚ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਹੋਰ ਬੁਲੰਦੀ ਹਾਸਲ ਕਰਨਗੀਆਂ। ਇਸ ਮੌਕੇ ਸੰਸਥਾ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।