ਚੋਣ ਅਫਸਰ ਨੇ ਈਵੀਐੱਮ ਤੇ ਵੀਵੀਪੈਟ ਦੀ ਜਾਂਚ ਦਾ ਲਿਆ ਜਾਇਜ਼ਾ ਸੰਯੁਕਤ ਮੁੱਖ ਚੋਣ ਅਫਸਰ ਪੰਜਾਬ ਨੇ ਈਵੀਐੱਮ ਤੇ ਵੀਵੀਪੈਟ ਦੀ ਪਹਿਲੇ ਪੱਧਰ ਦੀ ਜਾਂਚ ਦਾ ਲਿਆ ਜਾਇਜ਼ਾ
Publish Date: Tue, 17 Nov 2026 04:50 PM (IST)
Updated Date: Tue, 17 Nov 2026 04:51 PM (IST)
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਰੋਜ਼ਾਨਾ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਸੰਯੁਕਤ ਮੁੱਖ ਚੋਣ ਅਫਸਰ ਪੰਜਾਬ ਨਵਨੀਤ ਕੌਰ ਬੱਲ ਪੀਸੀਐੱਸ ਨੇ ਜ਼ਿਲ੍ਹਾ ਪੱਧਰੀ ਈਵੀਐਮ ਵੇਅਰਹਾਊਸ, ਡਾ. ਬੀਆਰ ਅੰਬੇਡਕਰ ਭਵਨ ਗੁਜਰਪੁਰ ਕਲਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਅਤੇ ਵੋਟਰ ਵੈਰੀਫਾਇਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ (ਐੱਫਐੱਲਸੀ) ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਸੰਯੁਕਤ ਮੁੱਖ ਚੋਣ ਅਫਸਰ ਨਵਨੀਤ ਕੌਰ ਬੱਲ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਜਾਂਚ 12 ਨਵੰਬਰ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਮਸ਼ੀਨਾਂ ਦੀ ਕਾਰਜਸ਼ੀਲਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਤਕਨੀਕੀ ਖ਼ਰਾਬੀ ਦਾ ਸਮੇਂ ਸਿਰ ਪਤਾ ਲੱਗ ਸਕੇ ਅਤੇ ਚੋਣਾਂ ਦੌਰਾਨ ਮਸ਼ੀਨਾਂ ਨਾਲ ਸਬੰਧਤ ਤਕਨੀਕੀ ਦਿੱਕਤਾਂ ਦੀ ਸੰਭਾਵਨਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਤਕਨੀਕੀ ਅਤੇ ਸੁਰੱਖਿਆ ਮਾਪਦੰਡਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਨਵਨੀਤ ਕੌਰ ਬੱਲ ਨੇ ਕਿਹਾ ਕਿ ਜਾਂਚ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਭਾਗੀਦਾਰੀ ਅਹਿਮ ਹੈ। ਉਨ੍ਹਾਂ ਨੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜਾਂਚ ਚੱਲਣ ਤੱਕ ਰੋਜ਼ਾਨਾ ਵੇਅਰਹਾਊਸ ਵਿਖੇ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਜਾਂਚ ਪ੍ਰਕਿਰਿਆ ਨੂੰ ਖ਼ੁਦ ਦੇਖਣ। ਸੰਯੁਕਤ ਮੁੱਖ ਚੋਣ ਅਫਸਰ ਪੰਜਾਬ ਨੇ ਦੱਸਿਆ ਕਿ ਜਾਂਚ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਭਰੋਸੇਯੋਗ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਚੋਣ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਤੇ ਨੋਡਲ ਅਫ਼ਸਰ ਈਵੀਐਮ ਪਰਮਿੰਦਰ ਕੌਰ, ਐਕਸੀਅਨ ਵਾਟਰ ਸਪਲਾਈ ਤੇ ਸਹਾਇਕ ਨੋਡਲ ਅਫ਼ਸਰ ਈਵੀਐਮ ਸਿਮਰਨਜੀਤ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਤੋਂ ਇਲਾਵਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।