ਨਰਿੰਦਰ ਮਾਹੀ, ਬੰਗਾ : ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀਵਾਈਐੱਫਆਈ) ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 124ਵਾਂ ਜਨਮ ਦਿਹਾੜਾ ਸਾਮਰਾਜ ਵਿਰੋਧੀ ਅਤੇ ਫਿਰਕਾਪ੍ਰਸਤ ਵਿਰੋਧੀ ਦੇ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀਵਾਈਐੱਫਆਈ ਦੇ ਸਾਬਕਾ ਸੂਬਾਈ ਖਜ਼ਾਨਚੀ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਦੱਸਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਸਭ ਤੋਂ ਛੋਟੀ ਉਮਰ ਦੇ ਗਦਰ ਪਾਰਟੀ ਦੇ ਮਹਾਨ ਆਗੂ ਅਤੇ ਨੌਜਵਾਨਾਂ ਦੇ ਹਰਮਨ ਪਿਆਰੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮਿਆ ਅਤੇ 19 ਸਾਲ ਦੀ ਉਮਰ ਵਿਚ ਫਾਂਸੀ ਲਗਾ ਗਏ। ਉਨ੍ਹਾਂ ਕਿਹਾ ਕਿ ਰਾਜ ਕਰਦੀ ਪਾਰਟੀ ਲੋਕਾਂ ਨੂੰ ਧਰਮਾਂ ਦੇ ਨਾਂ 'ਤੇ ਵੰਡਣਾ ਚਾਹੁੰਦੀ ਹੈ। ਨਾਗਰਿਕਤਾ ਸੋਧ ਬਿਲ ਰਾਹੀਂ ਮੁਸਲਮਾਨਾਂ ਅਤੇ ਘੱਟ ਗਿਣਤੀਆਂ ਨੂੰ ਦੇਸ਼ ਤੋਂ ਬਾਹਰ ਕੱਢਣਾ ਚਾਹੁੰਦੀ ਹੈ। ਇਸ ਲਈ ਸ਼ਹੀਦ ਸਰਾਭਾ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ ਦਾ ਪ੍ਰਣ ਕਰਨਾ ਜ਼ਰੂਰੀ ਹੈ। ਡੀਵਾਈਐੱਫਆਈ ਦੇ ਜ਼ਿਲ੍ਹਾ ਸਕੱਤਰ ਗੁਰਨਾਮ ਸਿੰਘ ਜਾਨੀਵਾਲ ਨੇ ਨੌਜਵਾਨਾਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਹਾਨ ਦੇਸ਼ ਭਗਤਾਂ ਅਤੇ ਇਨਕਲਾਬੀ ਸੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ। ਇਹੀ ਅੱਜ ਸਮੇਂ ਦੀ ਲੋੜ ਹੈ। ਇਟਲੀ ਤੋਂ ਆਏ ਸਾਥੀ ਦਵਿੰਦਰ ਹੀਓਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।