ਲਵਜੋਤ ਕੌਰ ਤੇ ਇੰਦਰਜੋਤ ਕੌਰ ਨੇ ਕਾਲਜ ਦਾ ਨਾਂ ਰੁਸ਼ਨਾਇਆ ਅਥਲੈਟਿਕਸ ਮੁਕਾਬਲਿਆਂ 'ਚ ਲਵਜੋਤ ਕੌਰ ਤੇ ਇੰਦਰਜੋਤ ਕੌਰ ਨੇ ਕਾਲਜ਼ ਦਾ ਨਾਂ ਰੌਸ਼ਨਾਇਆ
Publish Date: Sat, 28 Nov 2026 05:00 PM (IST)
Updated Date: Sat, 28 Nov 2026 05:02 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸਿੱਖ ਨੈਸ਼ਨਲ ਕਾਲਜ, ਬੰਗਾ ਦੀਆਂ ਹੋਣਹਾਰ ਅਥਲੀਟਾਂ ਨੇ ਸਾਲ 2026 ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੱਧਰੀ ਅਥਲੈਟਿਕਸ ਮੁਕਾਬਲਿਆਂ ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਹੋਣਹਾਰ ਅਥਲੀਟ ਲਵਜੋਤ ਕੌਰ ਨੇ ਆਪਣੀ ਅਦਭੁੱਤ ਖੇਡ ਪ੍ਰਤਿਭਾ, ਅਣਥੱਕ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ 100 ਮੀਟਰ ਦੌੜ 11.98 ਸਕਿੰਟ ਅਤੇ 200 ਮੀਟਰ ਦੌੜ 24.91 ਸਕਿੰਟ ਵਿਚ ਪੂਰੀ ਕਰਕੇ ਦੋਵਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੋ ਸੋਨ ਤਗਮੇ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਐਮਏ ਪੰਜਾਬੀ ਦੀ ਵਿਦਿਆਰਥਣ ਇੰਦਰਜੋਤ ਕੌਰ ਨੇ 1500 ਮੀਟਰ ਦੌੜ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਪੱਧਰ ਤੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਜ਼ਿਕਰਯੋਗ ਹੈ ਕਿ ਲਵਜੋਤ ਕੌਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਸੋਨ ਤਗਮੇ ਜਿੱਤ ਕੇ ਸੰਸਥਾ ਦੇ ਵੱਕਾਰ ਵਿਚ ਵਾਧਾ ਕਰ ਰਹੀ ਹੈ। ਉਸ ਦੀ ਇਹ ਨਿਰੰਤਰ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਖੇਡਾਂ ਦੇ ਖੇਤਰ ਵਿਚ ਮਿਹਨਤ, ਲਗਨ ਅਤੇ ਸਮਰਪਣ ਨਾਲ ਅੱਗੇ ਵਧਣ ਦੀ ਪ੍ਰੇਰਨਾਦਾਇਕ ਮਿਸਾਲ ਹੈ। ਇਸ ਮਾਣਮੱਤੀ ਪ੍ਰਾਪਤੀ ਤੇ ਕਾਲਜ ਦੇ ਪ੍ਰਿੰ. ਡਾ. ਇੰਦੂ ਰੱਤੀ ਨੇ ਦੋਵਾਂ ਖਿਡਾਰਨਾਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਮਾਧਿਅਮ ਹਨ। ਇਹ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਯਕੀਨੀ ਬਣਾਉਂਦੀਆਂ ਹਨ, ਸਗੋਂ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਸੰਘਰਸ਼ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਦੋਵਾਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਅਤੇ ਲਗਾਤਾਰ ਮਿਹਨਤ ਨਾਲ ਕਾਲਜ ਨੂੰ ਮਾਣਮੱਤੀ ਪ੍ਰਾਪਤੀ ਦਿਵਾਈ ਹੈ।।ਉਨ੍ਹਾਂ ਕਿਹਾ ਕਿ ਕਾਲਜ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਇਸ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਵਿਚ ਵੀ ਯੂਨੀਵਰਸਿਟੀ ਪੱਧਰ ਤੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾ ਰਹੇ ਹਨ। ਉਨ੍ਹਾਂ ਦੋਵਾਂ ਖਿਡਾਰਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਆਪਣੀਆਂ ਪ੍ਰਾਪਤੀਆਂ ਨਾਲ ਕਾਲਜ ਅਤੇ ਪੰਜਾਬ ਦਾ ਮਾਣ ਵਧਾਉਂਦੀਆਂ ਰਹਿਣਗੀਆਂ। ਇਸ ਮੌਕੇ ਲਵਜੋਤ ਕੌਰ ਦੇ ਅਥਲੈਟਿਕਸ ਕੋਚ ਰਣਧੀਰ ਸਿੰਘ ਭੁੱਲਰ ਨੂੰ ਵੀ ਪ੍ਰਿੰਸੀਪਲ ਵੱਲੋਂ ਮੁਬਾਰਕਬਾਦ ਦਿੱਤੀ।