ਪ੍ਰਸ਼ੋਤਮ ਬੈਂਸ, ਨਵਾਂਸ਼ਹਿਰ

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਅਤੇ ਇਸ ਤੋਂ ਬਚਾਅ ਲਈ ਜ਼ਿਲ੍ਹੇ ਵਿਚ ਪੁਖ਼ਤਾ ਪ੍ਰਬੰਧ ਕਰਨ ਤੋਂ ਇਲਾਵਾ ਇਸ ਮਹਾਮਾਰੀ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਜ਼ਿਲ੍ਹੇ ਦੇ ਸਵੀਪ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਲਈ ਚਲਾਈਆਂ ਜਾ ਰਹੀਆਂ 'ਸਵੀਪ' ਗਤੀਵਿਧੀਆਂ ਤਹਿਤ ਵੀ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਮਹਾਮਾਰੀ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਵੱਲੋਂ ਐੱਮਆਰ ਆਟੋ ਨਵਾਂਸ਼ਹਿਰ ਵਿਖੇ ਕਰਮਚਾਰੀਆਂ ਅਤੇ ਗਾਹਕਾਂ ਨੂੰ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਮਾਸਕ ਪਹਿਨਣ, ਜਨਤਕ ਥਾਵਾਂ 'ਤੇ ਵਿਚਰਨ ਸਬੰਧੀ ਸਾਵਧਾਨੀਆਂ ਵਰਤਣ, ਬਿਨਾਂ ਸੈਨੇਟਾਈਜ਼ ਕੀਤੇ ਮੂੰਹ-ਨੱਕ ਨੂੰ ਹੱਥ ਨਾ ਲਗਾਉੁਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਘਰ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਇਹਤਿਆਤ ਵਰਤਣ ਆਦਿ ਸਬੰਧੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੋਵਿਡ ਸਬੰਧੀ ਅਫ਼ਵਾਹਾਂ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ ਗਿਆ। ਇਸ ਦੌਰਾਨ ਕਰਮਚਾਰੀਆਂ ਦੀਆਂ ਸ਼ੰਕਾਵਾਂ ਸਬੰਧੀ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ ਗਏ। ਇਸ ਮੌਕੇ ਪ੍ਰਧਾਨ ਤਰਸੇਮ ਸਿੰਘ ਰਣਜੀਤ ਨਗਰ, ਸਾਹਿਬ ਸਿੰਘ ਕਾਹਲੋ. ਬ੍ਾਂਚ ਹੈੱਡ ਜਸਵਿੰਦਰ, ਪਰਦੀਪ, ਮਨਦੀਪ ਤੋਂ ਇਲਾਵਾ ਸਮੂਹ ਮਕੈਨਿਕ ਅਤੇ ਗਾਹਕ ਹਾਜ਼ਰ ਸਨ।