ਪ੍ਰਦੀਪ ਭਨੋਟ, ਨਵਾਂਸ਼ਹਿਰ

ਨਹਿਰੂ ਯੁਵਾ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਨਹਿਰੂ ਯੁਵਾ ਕੇਂਦਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਨੌਜਵਾਨ ਊਰਜਾ ਨੂੰ ਉਸਾਰੂ ਪਾਸੇ ਲਾਉਣ ਵਿਚ ਨਹਿਰੂ ਯੁਵਾ ਕੇਂਦਰ ਬੇਹੱਦ ਅਹਿਮ ਯੋਗਦਾਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਨਾਲ ਜੁੜੇ ਯੂੁਥ ਕਲੱਬਾਂ ਅਤੇ ਨੌਜਵਾਨਾਂ ਨੇ ਕੋਵਿਡ ਕਾਲ ਅਤੇ ਲਾਕਡਾਊਨ ਦੌਰਾਨ ਜਿਸ ਸ਼ਿੱਦਤ ਅਤੇ ਪ੍ਰਤੀਬੱਧਤਾ ਨਾਲ ਲੋਕਾਂ ਦੀ ਸੇਵਾ ਕੀਤੀ ਹੈ, ਉਹ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਯੂਥ ਕਲੱਬਾਂ ਅਤੇ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਨਾਲ ਜੁੜਨਾ ਚਾਹੀਦਾ ਹੈ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਇਕ ਤਰ੍ਹਾਂ ਦਾ ਪਲੇਟਫਾਰਮ ਮੁਹੱਈਆ ਹੋਵੇਗਾ। ਇਸ ਮੌਕੇ ਕਮੇਟੀ ਦੇ ਮੈਂਬਰ ਸਕੱਤਰ-ਕਮ-ਜ਼ਿਲ੍ਹਾ ਯੂਥ ਕੋਆਰਡੀਨੇਟਰ ਵੰਦਨਾ ਲੌਅ ਵੱਲੋਂ ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਕਰਵਾਏ ਜਾਣ ਵਾਲੇ ਪ੍ਰਰੋਗਰਾਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਲਾਕਡਾਊਨ ਦੌਰਾਨ ਰਾਸ਼ਨ ਤੇ ਖਾਣਾ ਵੰਡਣ, ਮਾਸਕ ਤਿਆਰ ਕਰਨ, ਸੈਨੀਟਾਈਜ਼ਰ ਆਦਿ ਵੰਡਣ ਵਿਚ ਅਹਿਮ ਭੂਮਿਕਾ ਨਿਭਾਈ ਗਈ ਹੈ। ਇਸੇ ਤਰ੍ਹਾਂ ਲੋਕਾਂ ਨੂੰ ਦੀਕਸ਼ਾ ਅਤੇ ਅਰੋਗਿਆ ਸੇਤੂ ਐਪ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੇ 'ਮਿਸ਼ਨ ਫ਼ਤਿਹ' ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਹੁਣ ਆਤਮ ਨਿਰਭਰ ਭਾਰਤ ਅਭਿਆਨ ਤਹਿਤ ਨੋਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਯੋਜਨਾ ਉਲੀਕੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜਾਣ ਵਾਲੇ ਪ੍ਰਰੋਗਰਾਮਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਐੱਨਐੱਸਐੱਸ ਅਫ਼ਸਰ ਸੰਜੀਵ ਕੁਮਾਰ, ਡੀਪੀਆਰ ਓ ਹਰਦੇਵ ਸਿੰਘ ਆਸੀ, ਈਓ ਨਗਰ ਕੌਂਸਲ ਨਵਾਂਸ਼ਹਿਰ ਰਾਜੀਵ ਸਰੀਨ, ਬੀਐੱਮਐੱਮ ਯੂਥ ਸ਼ੰਮੀ ਠਾਕੁਰ, ਰਿਸ਼ਿਵ ਸਿੰਗਲਾ, ਰਮਨ ਭੋਰੀਆਂ, ਫੁੱਟਬਾਲ ਕੋਚ ਗੁਰਪ੍ਰਰੀਤ ਸਿੰਘ ਬਾਂਸਲ, ਸੁਖਵਿੰਦਰ ਸਿੰਘ, ਨਿਰਮਲ ਸਿੰਘ, ਪੰਕਜ ਰਟੈਂਡਾ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਦੇ ਹੋਰ ਵਲੰਟੀਅਰ ਵੀ ਹਾਜ਼ਰ ਸਨ।