ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਵਿਸ਼ਾਲ ਰੋਸ ਰੈਲੀ ਅੱਜ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਅੱਜ
Publish Date: Sat, 28 Nov 2026 04:33 PM (IST)
Updated Date: Sat, 28 Nov 2026 04:34 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇੱਕ ਵਿਸ਼ਾਲ ਰੋਸ ਰੈਲੀ ਕੀਤੀ। ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ,।ਪਰ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਸਬੰਧੀ ਇੱਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ। ਅੱਜ ਤੱਕ ਇਸ ਸਕੀਮ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਲੋੜੀਂਦੀ ਐੱਸਓਪੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨੀਤੀ ਕਾਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਪਣੀ ਸਾਰੀ ਉਮਰ ਸਰਕਾਰੀ ਸੇਵਾ ਵਿੱਚ ਲਗਾਉਣ ਦੇ ਬਾਵਜੂਦ ਸੇਵਾਮੁਕਤੀ ਤੋਂ ਬਾਅਦ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਨਵੀਂ ਪੈਨਸ਼ਨ ਪ੍ਰਣਾਲੀ ਅਧੀਨ ਮੁਲਾਜ਼ਮਾਂ ਦਾ ਭਵਿੱਖ ਅਸੁਰੱਖਿਅਤ ਬਣਿਆ ਹੋਇਆ ਹੈ।